ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਨੇ ਲਿਆ ਜਾਇਜ਼ਾ

  • ਗਣਤੰਤਰ ਦਿਵਸ ਮਨਾਏ ਜਾਣ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 22 ਜਨਵਰੀ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਰਵਾਏ ਜਾ ਰਹੇ ਸੱਭਿਆਚਾਰਕ ਪੋ੍ਰਗਰਾਮ ਦੀ ਰਿਹਰਸਲ ਦਾ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿਘ ਬਾਜਵਾ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਵੱਲੋਂ ਜਾਇਜ਼ਾ ਲਿਆ ਗਿਆ।ਇਸ ਉਪਰੰਤ ਉਹਨਾਂ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸਰਬਜੀਤ ਸਿੰਘ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਂਊਂਡ ਤਰਨ ਤਾਰਨ ਵਿਖੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਇਆ ਜਾਵੇਗਾ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ, ਮਿਸ ਅਨਮੋਲ ਗਗਨ ਮਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਮੀਟਿੰਗ ਦੌਰਾਨ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਟੇਡੀਅਮ ਦੀ ਸਾਫ਼-ਸਫ਼ਾਈ, ਸਟੇਜ ਦੀ ਸਜਾਵਟ, ਪਤਵੰਤਿਆਂ ਦੇ ਬੈਠਣ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਆਦਿ ਸਬੰਧੀ ਡਿਊਟੀਆਂ ਲਾਈਆਂ ਗਈਆਂ। ਵਧਕਿ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਟੇਡੀਅਮ ਵਿਖੇ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਿਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।