- ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਹਟਾਉਣ ਲਈ ਕਿਹਾ
- ਸ਼ਹਿਰਾਂ ਵਿੱਚ ਬਰਸਾਤੀ ਸੀਜ਼ਨ ਤੋਂ ਪਹਿਲਾਂ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ
ਗੁਰਦਾਸਪੁਰ, 04 ਜੁਲਾਈ 2024 : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਆਪਣੇ ਵਿਭਾਗ ਨਾਲ ਸਬੰਧਿਤ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਟਾਲਿਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕਰ ਰਹੇ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਂਦੇ ਸੇਮ ਨਾਲਿਆਂ ਨੂੰ ਸਾਫ਼ ਕਰਨ ਦਾ ਜੋ ਕੰਮ ਚੱਲ ਰਿਹਾ ਹੈ ਉਸ ਨੂੰ ਜਲਦੀ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਵਿੱਚ ਕੋਈ ਰੋਕ ਨਾ ਆਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਕੇ ਵੀ ਰੱਖੇ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰਾਂ ਵਿੱਚ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਤਾਂ ਜੋ ਬਰਸਾਤ ਦੌਰਾਨ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਫ਼ਾਈ ਦੇ ਨਾਲ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ ਵਿੱਚ ਹੜ੍ਹ ਦਾ ਕਾਰਨ ਨਾ ਬਣੇ। ਮੀਟਿੰਗ ਦੌਰਾਨ ਉਨ੍ਹਾਂ ਨੇ ਬੀ.ਐੱਸ.ਐੱਫ ਅਤੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਨਾਲ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਮੀਟਿੰਗ ਦੌਰਾਨ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸਕਰਨ ਸਿੰਘ, ਐਕਸੀਅਨ ਡਰੇਨਜ਼ ਸ. ਦਿਲਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।