ਐਡਵੋਕੇਟ ਧਾਮੀ ਨੇ ਹਰਿਆਣਾ ਦੇ ਗੁਰੂ ਘਰਾਂ ਅੰਦਰ ਪੁਲਿਸ ਵੱਲੋਂ ਮਰਯਾਦਾ ਤੋਂ ਉਲਟ ਹਰਕਤਾਂ ਦੀ ਕੀਤੀ ਕਰੜੀ ਨਿੰਦਾ

ਅੰਮ੍ਰਿਤਸਰ, 15 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਸ੍ਰੀ ਮੰਜੀ ਸਾਹਿਬ ਤੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਪੁਲਿਸ ਵਾੜ ਕੇ ਮਰਯਾਦਾ ਦੀ ਉਲੰਘਣਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸੰਗਤ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸ਼ੰਭੂ ਬਾਰਡਰ ਉੱਤੇ ਆਪਣੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਸੱਦੀ ਗਈ ਪੁਲਿਸ ਨੂੰ ਇਨ੍ਹਾਂ ਗੁਰੂ ਘਰਾਂ ਦੀਆਂ ਸਰਾਵਾਂ ਵਿੱਚ ਰਿਹਾਇਸ਼ ਦਾ ਪ੍ਰਬੰਧ ਕਰਕੇ ਦਿੱਤਾ ਗਿਆ ਹੈ। ਸੰਗਤ ਵੱਲੋਂ ਸ਼ਿਕਾਇਤਾਂ ਪੁੱਜੀਆਂ ਹਨ ਕਿ ਪੁਲਿਸ ਅਧਿਕਾਰੀਆਂ ਨੇ ਸਰਾਵਾਂ ਅੰਦਰ ਸ਼ਰਾਬ, ਤੰਬਾਕੂ ਆਦਿ ਨਸ਼ਿਆਂ ਦਾ ਸੇਵਨ ਕੀਤਾ ਹੈ, ਜੋ ਕਿ ਮੌਕੇ ਤੋਂ ਬਰਾਮਦ ਵੀ ਕੀਤੇ ਗਏ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸੰਗਤ ਦਾ ਖਦਸ਼ਾ ਸਹੀ ਸਾਬਤ ਹੋ ਰਿਹਾ ਹੈ ਅਤੇ ਸਰਕਾਰ ਆਪਣੇ ਵੱਲੋਂ ਨਾਮਜਦ ਕਮੇਟੀ ਨੂੰ ਪ੍ਰਭਾਵਿਤ ਕਰਕੇ ਗੁਰੂ ਘਰਾਂ ਅੰਦਰ ਮਨਮਰਜ਼ੀਆਂ ਕਰਦਿਆਂ ਪਾਵਨ ਮਰਯਾਦਾ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਕਮੇਟੀ ਤੋੜ ਕੇ ਸਰਕਾਰ ਵੱਲੋਂ ਜਬਰੀ ਹਰਿਆਣਾ ਗੁਰਦੁਆਰਾ ਕਮੇਟੀ ਬਣਾਈ ਜਾ ਰਹੀ ਸੀ ਤਾਂ ਉਸ ਸਮੇਂ ਅਜਿਹੀਆਂ ਹੀ ਮਰਯਾਦਾ ਦੇ ਉਲਟ ਅਤੇ ਆਪਹੁਦਰੀ ਕਾਰਵਾਈਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਹੀ ਸਿੱਖ ਜਗਤ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਕਮੇਟੀ ਵੱਲੋਂ ਗੁਰੂ ਘਰਾਂ ਅੰਦਰ ਪੁਲਿਸ ਵਾੜਨ ਅਤੇ ਪੁਲਿਸ ਵੱਲੋਂ ਸਰਾਵਾਂ ਅੰਦਰ ਸ਼ਰਾਬ ਤੇ ਤੰਬਾਕੂ ਦੀ ਵਰਤੋਂ ਕਾਰਨ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਗਈ ਹੈ। ਐਡੋਵਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਗੁਰੂ ਘਰਾਂ ਨੂੰ ਸਰਕਾਰੀ ਦਖ਼ਲਅੰਦਾਜ਼ੀ ਤੋਂ ਅਜ਼ਾਦ ਕਰਵਾਉਣ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਜੇਕਰ ਗੁਰਦੁਆਰਾ ਕਮੇਟੀਆਂ ਆਪ ਹੀ ਉਲੰਘਣਾ ਕਰਨ ਲੱਗ ਜਾਣਗੀਆਂ ਤੋਂ ਮਰਯਾਦਾ ਦੀ ਰਖਵਾਲੀ ਕੌਣ ਕਰੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਇਨ੍ਹਾਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ।