- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵੀਰਵਾਰ ਨੂੰ 9:30 ਵਜੇ ਤੋਂ ਲੈ ਕੇ 01:30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ਡਿਪਟੀ ਕਮਿਸ਼ਨਰ
- ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਹੈੱਲਪ ਡੈਸਕ
ਤਰਨ ਤਾਰਨ, 27 ਜੂਨ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਸਵੇਰੇ 9:30 ਵਜੇ ਤੋਂ ਲੈ ਕੇ 01:30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਨੂੰ ਇਹਨਾਂ ਸਮੱਸਿਆਵਾਂ ਦੇ ਢੁਕਵੇਂ ਤੇ ਜਲਦ ਨਿਪਟਾਰੇ ਲਈ ਆਦੇਸ਼ ਜਾਰੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵੀਰਵਾਰ ਨੂੰ 9:30 ਵਜੇ ਤੋਂ ਲੈ ਕੇ 01:30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਉਹਨਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਹੈੱਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਹੈੱਲਪ ਡੈਸਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਾਹਮਣੇ ਰਿਸ਼ੈਪਸਨ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿੱਥੇ ਦਫ਼ਤਰੀ ਸਮੇਂ ਦੌਰਾਨ ਕਰਮਚਾਰੀ ਉਪਲੱਬਧ ਹੋਵੇਗਾ ਅਤੇ ਸਰਕਾਰੀ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਗਾਈਡ ਕਰੇਗਾ ਤਾਂ ਜੋ ਉਹਨਾਂ ਨੂੰ ਸਰਕਾਰੀ ਕੰਮ ਕਰਵਾਉਣ ਵਿੱਚ ਕੋਈ ਮੁਸ਼ਕਿਲ ਨਾ ਆਵੇ। ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਖੱਜਲ ਖੁਆਰ ਅਤੇ ਡਿਊਟੀ ਵਿੱਚ ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਬਣਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੇ ਸਾਰੇ ਸਰਕਾਰੀ ਵਿਭਾਗਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਗੱਲ ਨੂੰ ਸੰਬੰਧਿਤ ਵਿਭਾਗਾਂ ਦੇ ਮੁਖੀ ਯਕੀਨੀ ਬਣਾਉਣਗੇ ਅਤੇ ਲੋਕਾਂ ਦੇ ਕੰਮਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।