ਬਟਾਲਾ, 1 ਜੁਲਾਈ 2024 : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਅੱਡਾ ਧਰਮਕੋਟ, ਥਾਣਾ ਕਿਲਾ ਲਾਲ ਸਿੰਘ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਆਟੋ ਰਿਕਸ਼ਾ ਚਾਲਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ, ਸਾਈਬਰ ਕਰਾਈਮ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।