- ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਿਲ ਕਰਾਉਣ ਲਈ ਫਾਰਮ ਨੰਬਰ-06 ਭਰ ਕੇ ਬਤੌਰ ਵੋਟਰ ਹੋ ਸਕਦਾ ਹੈ ਰਜਿਸਟਰ
ਤਰਨ ਤਾਰਨ, 15 ਸਤੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ, 2024 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਕੰਮ ਮਿਤੀ 17 ਅਕਤੂਬਰ, 2023 ਤੋਂ 30 ਨਵੰਬਰ, 2023 ਦੌਰਾਨ ਕੀਤਾ ਜਾਣਾ ਹੈ। ਇਸ ਸਮੇਂ ਦੌਰਾਨ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 01 ਜਨਵਰੀ, 2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੌਣ ਹਲਕੇ ਦੀ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਾਉਣ ਲਈ ਫਾਰਮ ਨੰਬਰ-06 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸੇ ਵੋਟਰ ਵੱਲੋਂ ਵੋਟ ਕਟਵਾਉਣ ਲਈ ਫਾਰਮ ਨੰਬਰ-7 ਅਤੇ ਕੋਈ ਦਰੁਸਤੀ ਲਈ ਫਾਰਮ ਨੰਬਰ-8 ਭਰਿਆ ਜਾ ਸਕਦਾ ਹੈ। ਇਹ ਸਾਰੇ ਫਾਰਮ ਸਬੰਧਤ ਬੀ. ਐੱਲ. ਓ. ਰਾਹੀ ਜਾਂ ਆਨਲਾਇਨ https://voters.eci.gov.in/ ਪੋਰਟਲ ਤੇ ਅਪਲਾਈ ਕੀਤੇ ਜਾ ਸਕਦੇ ਹਨ। ਜ਼ਿਲ੍ਹਾ ਤਰਨ ਤਾਰਨ ਦੇ 04 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 21 ਅਕਤੂਬਰ, 2023 ਦਿਨ ਸ਼ਨੀਵਾਰ, 22 ਅਕਤੂਬਰ, 2023 ਦਿਨ ਐਤਵਾਰ, 18 ਨਵੰਬਰ, 2023 ਦਿਨ ਸ਼ਨੀਵਾਰ ਅਤੇ 19 ਨਵੰਬਰ, 2023 ਦਿਨ ਐਤਵਾਰ ਨੂੰ ਕੁੱਲ ਚਾਰ ਦਿਨ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ‘ਤੇ ਸਪੈਸ਼ਲ ਕੈਂਪ ਵੀ ਲਗਾਏ ਜਾਣੇ ਹਨ। ਉਨ੍ਹਾਂ ਇਸ ਸਬੰਧੀ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ, ਇਸ ਵਿਸ਼ੇਸ਼ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜ਼ਰੂਰ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।