ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ 29 ਦਸੰਬਰ 2022 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਗੁਰਬਾਣੀ ਦਾ ਅਨੰਦ ਮਾਣਿਆ | ਦੇਸ਼ ਅਤੇ ਵਿਦੇਸ਼ ਤੋਂ ਵੀ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਅੱਜ ਦੇ ਦਿਨ ਮੱਥਾ ਟੇਕਣ ਆਉਂਦੀਆਂ ਹਨ ਅਤੇ ਪਵਿੱਤਰ ਸਰੋਵਰ ਵਿੱਚ ਡੁਬਕੀ ਲਾਉਂਦੀਆਂ ਹਨ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ, ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ। ਉਨ੍ਹਾਂ ਸੰਗਤਾਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਉੱਥੇ ਹੀ ਦੇਰ ਸ਼ਾਮ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਚ ਦੀਪਮਾਲਾ ਵੀ ਕੀਤੀ ਜਾਂਦੀ ਹੈ ਅਤੇ ਐੱਸਜੀਪੀਸੀ ਵੱਲੋਂ ਸ਼ਾਮ ਵੇਲੇ ਆਤਿਸ਼ਬਾਜੀ ਵੀ ਕੀਤੀ ਜਾਂਦੀ ਹੈ ਜੋ ਕਿ ਇਕ ਵੱਖਰਾ ਹੀ ਨਜ਼ਾਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇਖਣ ਨੂੰ ਮਿਲਦਾ ਹੈ

ਪ੍ਰਕਾਸ਼ ਗੁਰਪੁਰਬ ਦੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਵਧਾਈ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਹੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ। ਉਨ੍ਹਾਂ ਕਿਹਾ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ।