- ਕਿਹਾ- ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ
ਬਟਾਲਾ, 15 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ, ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹੇ ਦੇ 55 ਹਾਟ-ਸਪਾਟ ਪਿੰਡਾਂ ਵਿੱਚੋਂ ਜਿਹੜੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀਂ ਹੋਵੇਗੀ, ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਨਾਲ ਨਿਵਾਜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਦਿਸ਼ਾ-ਨਿਰਦੇਸ਼ ਗਿੱਤੇ ਗਏ ਹਨ ਕਿ ਇਸ ਵਾਰ ਜ਼ਿਲ੍ਹੇ ਨੂੰ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਲਈ ਕਮਰ ਕੱਸ ਲਏ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੇ ਨਿਰਧਾਰਤ ਖੇਤਰ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਪੂਰੀ ਤਰ੍ਹਾਂ ਜਿੰਮੇਵਾਰ ਹੋਵੇਗਾ ਅਤੇ ਜੇਕਰ ਕਿਸੇ ਕਰਮਚਾਰੀ ਨੇ ਆਪਣੀ ਡਿਊਟੀ ਵਿੱਚ ਕੋਈ ਅਣਗਹਿਲੀ ਜਾਂ ਕੁਤਾਹੀ ਕੀਤੀ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਪਰਾਲੀ ਪ੍ਰਬੰਧਨ ਦੇ ਖੇਤੀ ਸੰਦ ਮੌਜੂਦ ਹਨ। ਇਸਤੋਂ ਇਲਾਵਾ ਹਰ ਬਲਾਕ ਵਿੱਚ ਦੋ-ਦੋ ਸੁਪਰਸੀਡਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਕਿਸਾਨ ਇਨ੍ਹਾਂ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਸੰਭਾਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀਆਂ ਹਾਨੀਆਂ ਬਾਰੇ ਦੱਸਿਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਮਾਪਿਆਂ ਨੂੰ ਇਸ ਬਾਰੇ ਜਾਗਰੂਕ ਕਰ ਸਕਣ। ਉਨਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਣ ਨੂੰ ਸਵੱਛ ਰੱਕਣ ਅਤੇ ,ਅਤੇ ਸਿਹਤਮੰਦ ਭਵਿੱਖ ਲਈ ਇਸ ਵਾਰ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਜਾਣਕਾਰੀ ਸਬੰਧੀ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ।