ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਗੁਰਦਾਸਪੁਰ

  • ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸੁਰੱਖਿਆ ਕਾਇਮ, 11 ਉਮੀਦਵਾਰ ਚੋਣ ਮੈਦਾਨ ਵਿੱਚ
  • ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 22 ਨਵੰਬਰ 2024 : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਹੈ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ, 2024 ਨੂੰ ਸਵੇਰੇ 8 ਵਜੇ, ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸ਼ੁਰੂ ਹੋਵੇਗੀ। ਅੱਜ ਉਨ੍ਹਾਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਿਣਤੀ ਕੇਂਦਰ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਜਿਮਨੀ ਚੋਣ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ 64.01 ਪ੍ਰਤੀਸ਼ਤ ਵੋਟਿੰਗ ਹੋਈ ਹੈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਜੁਗਰਾਜ ਸਿੰਘ ਐਸ.ਪੀ (ਐੱਚ) ਗੁਰਦਾਸਪੁਰ, ਸ੍ਰੀਮਤੀ ਜਸਵੰਤ ਕੋਰ ਐਸ.ਪੀ (ਐੱਚ) ਬਟਾਲਾ, ਰਾਜਪਾਲ ਸਿੰਘ ਸੇਖੋਂ, ਐਸ.ਡੀ.ਐਮ ਡੇਰਾ ਬਾਬਾ ਨਾਨਕ, ਡੀ.ਐਸ.ਪੀ ਸੁਖਰਾਜ ਸਿੰਘ,ਮਨਜਿੰਦਰ ਸਿੰਘ ਚੋਣ ਤਹਿਸੀਲਦਾਰ ਅਤੇ ਅਧਿਕਾਰੀ ਤੇ ਕਰਮਚਾਰੀ ਵੀ ਮੋਜੂਦ ਸਨ।
--