ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

  • ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 12 ਸਤੰਬਰ 2024 : ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਹਾਂਸਮਿਤੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ ਵਫ਼ਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰੀਕ ਸਿੰਘ ਜਨੈਤਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਨੇ ਕਿਹਾ ਕਿ 1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਉਪਰੰਤ ਗ੍ਰਿਫ਼ਤਾਰ ਕੀਤੇ ਸਿੱਖ ਨੌਜੁਆਨ ਨੂੰ ਜੋਧਪੁਰ ਜੇਲ੍ਹ ਵਿਚ ਰੱਖਿਆ ਗਿਆ ਸੀ, ਉਸ ਸਮੇਂ ਉਨ੍ਹਾਂ ਦੀਆਂ ਮੁਲਾਕਾਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸ. ਚਰਨਜੀਤ ਸਿੰਘ ਛਾਬੜਾ ਅਤੇ ਉਥੋਂ ਦੀਆਂ ਸੰਗਤਾਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਵਫ਼ਦ ਨੂੰ ਜੀ-ਆਇਆਂ ਵੀ ਆਖਿਆ। ਇਸ ਦੌਰਾਨ ਵਫ਼ਦ ’ਚ ਆਏ ਵੱਖ-ਵੱਖ ਧਰਮਾਂ ਨਾਲ ਸਬੰਧਤ ਮਹਾਂਸਮਿਤੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸਿੱਖ ਇਤਿਹਾਸ ਨੂੰ ਸਮਝਣ ਦਾ ਮੌਕਾ ਮਿਲਿਆ ਹੈ। ਗੁਰੂ ਘਰ ਅੰਦਰ ਸੰਗਤ ਤੇ ਪੰਗਤ ਦੀ ਪ੍ਰੰਪਰਾ ਬਹੁਤ ਮਹਾਨ ਹੈ, ਜੋ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਵਾਲੀ ਹੈ। ਇਸ ਮੌਕੇ ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਵਫ਼ਦ ਵਿਚ ਆਏ ਸ. ਚਰਨਜੀਤ ਸਿੰਘ ਛਾਬੜਾ, ਸ. ਮਹਿੰਦਰਪਾਲ ਸਿੰਘ ਛਾਬੜਾ, ਸ. ਰਾਜਿੰਦਰ ਸਿੰਘ ਗਹਿਲੋਤ, ਸ. ਮੋਹਨ ਸਿੰਘ ਸੋਢੀ, ਸ੍ਰੀ ਸੋਹਨ ਮੇਡਤੀਆ ਤੇ ਹੋਰ ਮੌਜੂਦ ਸਨ।