- ਜ਼ਿਲ੍ਹੇ ਦੇ ਪਿੰਡ ਸੁਰਸਿੰਘ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਨਾਗਰਿਕਾਂ ਨੂੰ ਮੌਕੇ `ਤੇ ਪ੍ਰਦਾਨ ਕੀਤੀਆਂ ਗਈਆਂ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ
ਤਰਨ ਤਾਰਨ, 11 ਜੁਲਾਈ 2024 : “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਅਤੇ ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡ ਸੁਰਸਿੰਘ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਨਾਗਰਿਕਾਂ ਨੂੰ ਮੌਕੇ `ਤੇ ਹੀ ਭਲਾਈ ਸਕੀਮਾਂ ਦਾ ਲਾਭ ਅਤੇ ਹੋਰ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਦੌਰਾਨ ਨਾਗਰਕਿਾਂ ਵੱਲੋਂ ਇਸ ਲੋਕ ਪੱਖੀ ਪਹਿਲ ਤਹਿਤ ਆਪਣੇ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਹਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਤਹਿਤ ਪ੍ਰਸ਼ਾਸਨਿਕ ਸੇਵਾਵਾਂ ਹਾਸਲ ਕਰਨ ਲਈ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਖੁਦ ਲੋਕਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ੇਸ ਸੁਵਿਧਾ ਕੈਂਪਾਂ ਰਾਹੀਂ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨਤਾਰਨ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਹਰ ਮੰਗਲਵਾਰ ਤੇ ਵੀਰਵਾਰ ਨੂੰ ਸੁਵਿਧਾ ਕੈਂਪ ਲਗਾਤਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਅਤੇ ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ ਵੱਲੋਂ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਬੂਟੇ ਲਗਾਏ ਗਏ ਅਤੇ ਲੋਕਾਂ ਨੂੰ ਬੂਟਿਆਂ ਦੀ ਵੰਡ ਕੀਤੀ ਗਈ।