- ਸਮੂਹ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਤਰਨ ਤਾਰਨ, 05 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਚੋਣ ਡਿਊਟੀਆਂ ਲਈ ਨਿਯੁਕਤ ਕੀਤੇ ਗਏ ਸਮੂਹ ਨੋਡਲ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਸਮੂਹ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸਥਾਪਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਟੀਮਾਂ ਜਿਵੇਂ ਕਿ ਅਕਾਊਂਟਿੰਗ ਟੀਮ, ਫਲਾਈਇੰਗ ਸਕਾਊਟ ਟੀਮ, ਸਟੈਟਿਕਸ ਸਰਵੈਲੈਸ ਟੀਮ (ਐੱਸ. ਐੱਸ. ਟੀ.), ਵੀਡੀਓ ਸਰਵੈਲੈਂਸ ਟੀਮ (ਵੀ. ਐੱਸ. ਟੀ.), ਵੀਡੀਓ ਵਿਊਵਿੰਗ ਟੀਮ (ਵੀ. ਵੀ. ਟੀ.), ਮੀਡੀਆ ਸਰਟੀਫ਼ਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐੱਮ. ਸੀ. ਐੱਮ. ਸੀ.), ਜ਼ਿਲ੍ਹਾ ਕੰਪਲੈਂਟ ਸੈੱਲ ਆਦਿ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਹੋਰ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਐੱਸ. ਪੀ. ਹੈੱਡਕੁਆਟਰ ਸ਼੍ਰੀਮਤੀ ਪਰਵਿੰਦਰ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਪੱਲਵ ਸ਼੍ਰੇਸ਼ਟਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ, ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਸ਼੍ਰੀਮਤੀ ਪਰਮਜੀਤ ਕੌਰ, ਡਿਪਟੀ ਡਾਇਰੈਕਟਰ ਬਾਗ਼ਬਾਨੀ ਸ੍ਰੀ ਤਜਿੰਦਰ ਸਿੰਘ ਔਲਖ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਅਤੇ ਚੋਣ ਤਹਿਸੀਲਦਾਰ ਸ੍ਰੀ ਸੁਸ਼ੀਲ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।