ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

  • ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਮਤਦਾਨ ਲਈ ਕੀਤਾ ਜਾਵੇ ਪ੍ਰੇਰਿਤ

ਤਰਨ ਤਾਰਨ, 16 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਹਿਤ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁੱਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ, ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।