ਸ਼੍ਰੀ ਅੰਮ੍ਰਿਤਸਰ ਸਾਹਿਬ, 25 ਫਰਵਰੀ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਹੁਣ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸਿੱਖ ਸੰਪਰਦਾਵਾਂ, ਸਿੱਖ ਵਿਦਵਾਨ ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਮੈਂਬਰ ਸ਼ਾਮਲ ਹੋਣਗੇ। ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਰਿਪੋਰਟ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਚਾਰਨ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ। ਇਸ ਕਮੇਟੀ ਵੱਲੋਂ ਦੱਸਿਆ ਜਾਵੇਗਾ ਕਿ ਕੀ ਪ੍ਰਦਰਸ਼ਨਾਂ ਵਿੱਚ ਪਾਵਨ ਸਰੂਪ ਲਿਜਾਣਾ ਜਾਇਜ਼ ਹੈ ਜਾਂ ਨਹੀਂ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਅਜਨਾਲਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਬੀਤੇ ਦਿਨੀਂ ਅਕਾਲ ਤਖਤ ਦੇ ਜਥੇਦਾਰ ਨੇ ਬਿਆਨ ਦਿੱਤਾ ਸੀ ਕਿ, ‘ਜੇ ਕੋਈ ਜਬਰ ਜੁਲਮ ਦੇ ਖ਼ਿਲਾਫ਼, ਮਨੁੱਖੀ ਹੱਕਾਂ ਨੂੰ ਕੁਚਲਣ ਦੇ ਖ਼ਿਲਾਫ਼ ਜਾਂ ਸਿੱਖਾਂ ਦੇ ਹੱਕ ਹਕੂਕਾਂ ਲਈ ਸੰਘਰਸ਼ ਕਰਦਾ ਹੈ ਤਾਂ ਉਸ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਡੱਟਵੀਂ ਹਿਮਾਇਤ ਕਰਨੀ ਚਾਹੀਦੀ ਹੈ। ਇਸ ਕਾਰਜ ਵਿੱਚ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਅਸੀਸ ਲੈਣਾ ਵੀ ਜ਼ਰੂਰੀ ਹੈ। ਜਿੱਥੇ ਸੰਘਰਸ਼ ਕਰਦਿਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ ਵਿੱਚ ਕਮੀ ਆਉਣ ਦਾ ਖ਼ਦਸ਼ਾ ਹੋਵੇ ਉੱਥੇ ਜ਼ਰੂਰ ਵਿਚਾਰਨਾ ਚਾਹੀਦਾ ਹੈ ਅਤੇ ਸਾਨੂੰ ਪੁਰਾਤਨ ਇਤਿਹਾਸ ਤੋ ਸੇਧ ਲੈ ਲੈਣੀ ਚਾਹੀਦੀ ਹੈ।‘