- “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਮੌਕੇ `ਤੇ ਮੁਹੱਈਆ ਕਰਵਾਈਆਂ ਗਈਆਂ 2907 ਸੇਵਾਵਾਂ-ਡਿਪਟੀ ਕਮਿਸ਼ਨਰ
ਤਰਨ ਤਾਰਨ, 24 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ ਹੈ। ਇਸ ਸਬੰਧੀ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਲਾਲਪੁਰਾ ਵਿਖੇ ਗਏ ਵਿਸ਼ੇਸ ਕੈਂਪ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ‘ਤੇ ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਕਰਦੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਨੂੰ ਪਿੰਡ ਪੱਧਰ ‘ਤੇ ਇਲਾਜ ਸਹੂਲਤ ਦਿੱਤੀ ਜਾ ਰਹੀ ਹੈ, ਉੱਥੇ ਹੀ ਸਰਕਾਰੀ ਸੇਵਾਵਾਂ ਵੀ ਇਹਨਾਂ ਕੈਂਪਾਂ ਰਾਹੀਂ ਪਿੰਡ ਪੱਧਰ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਲੋਕਾਂ ਦੇ ਕੰਮ ਮੌਕੇ ‘ਤੇ ਹੋ ਜਾਂਦੇ ਹਨ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਨਹੀਂ ਜਾਣਾ ਪੈਂਦਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਹੁਣ ਤੱਕ 5115 ਲਾਭਪਾਤਰੀਆਂ ਵੱਲੋਂ ਸੇਵਾਵਾਂ ਹਾਸਿਲ ਕਰਨ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ ਅਤੇ ਅੱਜ ਤੱਕ 2907 ਤੋਂ ਵਧੇਰੇ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਸੇਵਾਵਾਂ ਦਾ ਮੌਕੇ ‘ਤੇ ਲਾਭ ਮਿਲ ਚੁੱਕਾ ਹੈ।ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਲੋੜੀਂਦੀਆਂ ਸੇਵਾਵਾਂ ਜਲਦੀ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਨ੍ਹਾਂ ਵਿਸ਼ੇਸ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ-ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।