ਸਰਕਾਰ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ, ਅੜੀਅਲ ਰਵਈਆ ਨਹੀਂ ਅਪਣਾਉਣਾ ਚਾਹੀਦਾ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 20 ਫਰਵਰੀ : ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਏ ਹਨ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਲੈ ਕੇ ਦਿੱਲੀ ਜਾਣ ਦੇ ਐਲਾਨ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਇਕੱਠੇ ਬੈਠ ਕੇ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਕਿਉਂਕਿ ਸਿਆਸੀ ਆਗੂਆਂ ਨੂੰ ਸੱਤਾ 'ਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਸਰਕਾਰ ਨੂੰ ਅੜੀਅਲ ਰਵਈਆ ਨਹੀਂ ਅਪਣਾਉਣਾ ਚਾਹੀਦਾ। ਆਸਾਮ ਦੀ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ ਦੀ ਆਡੀਓ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਦੀ ਨਿੱਜਤਾ 'ਤੇ ਹਮਲਾ ਕਰਨਾ ਜੇਲ੍ਹ ਪ੍ਰਸ਼ਾਸਨ ਦੀ ਅਣਮਨੁੱਖੀ ਅਤੇ ਘਿਨਾਉਣੀ ਹਰਕਤ ਹੈ। ਅੰਮ੍ਰਿਤਪਾਲ ਸਿੰਘ ਦੇ ਵਾਸ਼ਰੂਮ ਵਿੱਚ ਕੈਮਰੇ ਲਗਾਏ ਗਏ ਸਨ ਅਤੇ ਜਦੋਂ ਉਸਨੇ ਕੈਮਰੇ ਫੜੇ ਤਾਂ ਉਸਦੇ ਖਿਲਾਫ ਝੂਠਾ ਕੇਸ ਦਰਜ ਕਰ ਦਿੱਤਾ ਗਿਆ। ਜਥੇਦਾਰ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਹੈ ਤਾਂ ਇਸ ਲਈ ਜੇਲ੍ਹ ਪ੍ਰਸ਼ਾਸਨ ਦੇ ਨਾਲ-ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੋਵੇਗੀ। ਅਮ੍ਰਿਤਪਾਲ ਨੂੰ ਪੰਜਾਬ ਦੀ ਜੇਲ 'ਚ ਤਬਦੀਲ ਕਰਨ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਹੁਣ ਰਿਹਾਅ ਕੀਤਾ ਜਾਵੇ ਕਿਉਂਕਿ ਅੰਮ੍ਰਿਤਪਾਲ ਦਾ ਜ਼ੁਰਮ ਇੰਨਾ ਨਹੀਂ ਹੈ ਜਿੰਨੀ ਵੱਡੀ ਸਜ਼ਾ ਉਸਨੂੰ ਦੇ  ਦਿੱਤੀ ਗਈ ਹੈ।  ਜਥੇਦਾਰ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣਾ ਗ਼ਲਤ ਹੈ ਅਤੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਗੁਰਦੁਆਰਾ ਐਕਟ ਬਣਾਉਣ ਤੋਂ ਪਹਿਲਾਂ ਉਥੋਂ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ।