ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਫ਼ਰਵਰੀ : ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੌਰਾਨ ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਉਪਰੰਤ ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।  ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਐਸੇ ਮਹਾਨ ਸ਼ਹੀਦ ਹਨ ਜਿਨ੍ਹਾਂ ਦੀ ਸ਼ਹਾਦਤਾਂ ਦੇ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਅੰਗ੍ਰੇਜ਼ ਸਰਕਾਰ ਦੇ ਪਿੱਠੂ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖ ਯੋਧਿਆਂ ਨੇ ਜਿਸ ਦ੍ਰਿੜ੍ਹਤਾ ਅਤੇ ਦਲ੍ਹੇਰੀ ਦਾ ਪ੍ਰਗਟਾਵਾ ਕੀਤਾ, ਉਹ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਮੀਲ-ਪੱਥਰ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਪੰਥਕ ਪਹਿਰੇਦਾਰੀ ਕਰਨੀ ਚਾਹੀਦੀ ਹੈ। ਸਮਾਗਮ ਸਮੇਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੋਂ ਇਲਾਵਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਬਲਵਿੰਦਰ ਸਿੰਘ, ਸ. ਨਿਸ਼ਾਨ ਸਿੰਘ ਜਫਰਵਾਲ, ਸ. ਯੁਵਰਾਜ ਸਿੰਘ, ਸੁਪਰਇੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।