ਵਿਰਸਾ ਉਤਸਵ ਗੁਰਦਾਸਪੁਰ-2024

  • 24 ਫਰਵਰੀ ਨੂੰ ਗੁਰਦਾਸਪੁਰ ਵਿਖੇ ਹੋਵੇਗਾ ਵਿਰਸਾ ਉਤਸਵ-2024 
  • ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਵਿਰਸਾ ਉਤਸਵ ਦੌਰਾਨ ਲਗਾਉਣਗੇ ਅਖਾੜਾ

ਗੁਰਦਾਸਪੁਰ, 16 ਫਰਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਮਿਤੀ 24 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ‘ਵਿਰਸਾ ਉਤਸਵ ਗੁਰਦਾਸਪੁਰ-2024’ ਕਰਵਾਇਆ ਜਾ ਰਿਹਾ ਹੈ। ਵਿਰਸਾ ਉਤਸਵ ਦੌਰਾਨ ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਆਪਣੀ ਗਾਇਕੀ ਨਾਲ ਗੁਰਦਾਸਪੁਰੀਆਂ ਦਾ ਮੰਨੋਰੰਜਨ ਕਰਨਗੇ। ਵਿਰਸਾ ਉਤਸਵ ਗੁਰਦਾਸਪੁਰ-2024 ਦੀਆਂ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ 24 ਫਰਵਰੀ ਸ਼ਾਮ 4:30 ਵਜੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਵਿਰਸਾ ਉਤਸਵ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਵਿਰਸਾ ਉਤਸਵ ਦੌਰਾਨ ਪੰਜਾਬ ਦੇ ਲੋਕ ਨਾਚ, ਗਿੱਧਾ ਤੇ ਭੰਗੜਾ ਤੋਂ ਇਲਾਵਾ ਪੰਜਾਬੀ ਲੋਕ ਗਾਇਕੀ ਦੇ ਰੰਗ ਦੇਖਣ ਨੂੰ ਮਿਲਣਗੇ। ਇਸ ਤੋਂ ਬਾਅਦ ਸ਼ਾਮ 6:00 ਵਜੇ ਤੋਂ ਸ਼ਾਮ 8:00 ਵਜੇ ਤੱਕ ਵਿਸ਼ਵ ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਅਖਾੜਾ ਲਗਾਉਣਗੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵਿਰਸਾ ਉਤਸਵ ਦੌਰਾਨ ਐਂਟਰੀ ਬਿਲਕੁਲ ਮੁਫ਼ਤ ਹੋਵੇਗੀ ਅਤੇ ਇਸ ਸਬੰਧੀ ਪਾਸ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਰਸ਼ਕਾਂ ਦੇ ਬੈਠਣ ਲਈ ਕੁਰਸੀਆਂ ਆਦਿ ਦਾ ਵਧੀਆ ਪ੍ਰਬੰਧ ਕੀਤਾ ਜਾਵੇਗਾ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਵਿਰਸਾ ਉਤਸਵ-2024 ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਰਸਾ ਉਤਸਵ ਦਾ ਇਹ ਦੂਸਰਾ ਸੀਜ਼ਨ ਹੈ। ਪਿਛਲੇ ਸਾਲ ਵੀ 11 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ‘ਵਿਰਸਾ ਉਤਸਵ’ ਕਰਵਾਇਆ ਗਿਆ ਸੀ ਜਿਸ ਵਿੱਚ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਸੀ।