ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਪਰਾਲੇ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

  • ਕਿਸੇ ਨੂੰ ਵੀ ਚੋਣ ਪ੍ਰਕਿਰਿਆ ਜਾਂ ਵੋਟਰਾਂ ਨੂੰ ਨਜਾਇਜ਼ ਤਰੀਕੇ ਨਾਲ ਪ੍ਰਭਾਵਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ
  • ਆਦਰਸ਼ ਚੋਣ ਜ਼ਾਬਤੇ ਨੂੰ ਜ਼ਿਲ੍ਹੇ ਵਿੱਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ

ਤਰਨਤਾਰਨ, 01 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਚੋਣ ਪ੍ਰਕਿਰਿਆ ਜਾਂ ਵੋਟਰਾਂ ਨੂੰ ਨਜਾਇਜ਼ ਤਰੀਕੇ ਨਾਲ ਪ੍ਰਭਾਵਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਜ਼ਿਲ੍ਹੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਚੋਣਾਂ ਵਿੱਚ ਨਸ਼ੇ ਜਾਂ ਸ਼ਰਾਬ ਦੀ ਵੰਡ ਸਬੰਧੀ ਕਿਸੇ ਕੋਲ ਸੂਚਨਾ ਹੋਵੇ ਤਾਂ ਉਹ ਸੀ-ਵਿਜਲ ਐਪ ਰਾਹੀਂ ਇਸਦੀ ਸੂਚਨਾ ਦੇ ਸਕਦਾ ਹੈ। ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਆਬਕਾਰੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੂਹ ਠੇਕਿਆਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਸ਼ਰਾਬ ਦੇ ਸਟੋਰਾਂ ਦੀ ਵੀ ਲਗਾਤਾਰ ਨਿਰੀਖਣ ਕਰਦੇ ਰਹਿਣ ਅਤੇ ਸ਼ਰਾਬ ਦੇ ਇੱਕ ਥਾਂ ਤੋਂ ਦੂਜੇ ਥਾਂ ਦੀ ਆਵਾਗਮਨ ਦੀ ਵੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਆਬਕਾਰੀ ਵਿਭਾਗ ਨੂੰ ਨਾਕਾਬੰਦੀ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ। ਉਨਾਂ ਕਿਹਾ ਕਿ ਨਸ਼ੇ ਜਾਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਨੂੰ ਵੀ ਚੋਣ ਅਮਲ ਨੂੰ ਪ੍ਰਭਾਵਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਵੀ ਨਾਕਾਬੰਦੀ ਕੀਤੀ ਗਈ ਹੈ ਅਤੇ ਦੂਜੇ ਜ਼ਿਲ੍ਹਿਆਂ ਨਾਲ ਲੱਗਦੀਆਂ ਸਰਹੱਦਾਂ ‘ਤੇ ਵੀ ਚੌਕਸੀ ਰੱਖੀ ਜਾ ਰਹੀ ਹੈ।