ਬੇਅਦਬੀ ਘਟਨਾਵਾਂ 'ਚ ਪੇਸ਼ ਕੀਤੇ ਚਲਾਨ ਦਾ ਜਥੇਦਾਰ ਧਿਆਨ ਸਿੰਘ ਮੰਡ ਨੇ ਕੀਤਾ ਸਵਾਗਤ     

ਅੰਮ੍ਰਿਤਸਰ, 25 ਫਰਵਰੀ : ਬੇਅਦਬੀ ਅਤੇ ਗੋਲੀਕਾਂਡ ਦੀਆਂ ਵਾਪਰੀਆਂ ਘਟਨਾਵਾਂ ਤੇ ਆਖਰ ਪੰਜਾਬ ਸਰਕਾਰ ਅਧੀਨ ਪੁਲਿਸ ਵੱਲੋਂ ਅਦਾਲਤ ਵਿਚ ਚਾਲਾਨ ਪੇਸ਼ ਕਰ ਦਿੱਤਾ ਹੈ, ਜਿਸ ਵਿਚ ਉਸ ਸਮੇਂ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ, ਡੀਜੀਪੀ ਸੁਮੇਧ ਤੇ ਤਨਾਤ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਕਟਹਿਰੇ ਵਿੱਚ ਲਿਆਂਦਾ ਹੈ। ਅਦਾਲਤ ਵਿੱਚ ਬੇਅਦਬੀ ਘਟਨਾਵਾਂ ਦੇ ਪੇਸ਼ ਹੋਏ ਚਲਾਣ ਤੇ ਅੱਜ ਬਠਿੰਡਾ ਵਿਖੇ ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਪੰਜਾਬ ਸਰਕਾਰ ਦੀ ਅਗਵਾਈ ਵਿਚ ਪੁਲਸ ਵੱਲੋਂ ਪੇਸ਼ ਕੀਤੇ ਚਲਾਨ ਦਾ ਸਵਾਗਤ ਕੀਤਾ ਅਤੇ ਨਾਲ ਹੀ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਘਟਨਾਵਾਂ ਤੇ ਹੁਣ ਤੁਰੰਤ ਕਾਰਵਾਈ ਕਰਨ ਅਤੇ ਜਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਵੇ ਤੇ ਮਾਨ ਸਰਕਾਰ ਚੋਣਾਂ ਵੇਲੇ ਕੀਤੇ ਵਾਅਦੇ ਨੂੰ ਪੂਰਾ ਕਰੇ ਕਿਉਂਕਿ ਚਲਾਨ ਪੇਸ਼ ਕਰਨ ਨਾਲ ਸਿੱਖ ਕੌਮ ਦਾ ਢਿੱਡ ਨਹੀਂ ਭਰਨਾ ਕੌਮ ਨੂੰ ਉਮੀਦ ਹੈ ਕਿ ਦੋਸ਼ੀਆਂ ਨੂੰ ਬਣਦੀ ਸਜ਼ਾ ਮਿਲੇ। ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਓਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਡੀਜੀਪੀ ਸੁਮੇਧ ਸੈਣੀ ਸਮੇਤ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬਰਗਾੜੀ ਵਿਖੇ ਪੰਥਕ ਧਿਰਾਂ ਦੇ ਸਹਿਯੋਗ ਨਾਲ ਲੰਬਾ ਮੋਰਚਾ ਚੱਲਿਆ ਜਿਸ ਦੀ ਵੱਡੀ ਪ੍ਰਾਪਤੀ ਸਾਹਮਣੇ ਆਈ ਹੈ ਪਰ ਹੁਣ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਫੈਸਲੇ ਨੂੰ ਅਮਲੀ ਰੂਪ ਦੇਵੇ। ਇਸ ਮੌਕੇ ਉਨਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਨ ਸਰਕਾਰ ਸਪੈਸ਼ਲ ਸੈਸਨ ਬੁਲਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਪਾਸ ਕੀਤਾ ਜਾਵੇ ਫੇਰ ਦੇਖਾਂਗੇ ਕਿਹੜੀ ਪਾਰਟੀ ਦਾ ਵਧਾਇਕ ਵਿਰੋਧ ਕਰਦਾ ਹੈ। ਬੀਤੇ ਦਿਨ ਅਜਨਾਲਾ ਵਿਖੇ ਥਾਣੇ ਤੇ ਕਬਜ਼ਾ ਕਰਨ ਅਤੇ ਪਾਲਕੀ ਸਾਹਿਬ ਵਿੱਚ ਗੁਰੂ ਸਾਹਿਬ ਦੇ ਸਰੂਪ ਮੌਕੇ ਵਾਪਰੀ ਘਟਨਾ ਤੇ ਬੋਲਦਿਆਂ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਕੋਮ ਲੜਾਈ ਲੜਨ ਲੱਗੇ ਅਰਦਾਸ ਕਰਕੇ ਜਾਂਦੀਆਂ ਹਨ ਪਰ ਇਸ ਤਰਾਂ ਥਾਣਿਆਂ ਵਿੱਚ ਨਿੱਜੀ ਲੜਾਈ ਲਈ ਪਾਲਕੀ ਸਾਹਿਬ ਵਿੱਚ ਗੁਰੂ ਸਾਹਿਬ ਲੈ ਕੇ ਜਾਣਾ ਠੀਕ ਨਹੀਂ, ਉਮੀਦ ਕਰਦੇ ਹਾਂ ਅੱਗੇ ਤੋਂ ਅਜਿਹੀ ਗਲਤੀ ਨਹੀਂ ਹੋਵੇਗੀ ਕਿਉਂਕਿ ਗੁਰੂ ਦਾ ਸਤਿਕਾਰ ਜ਼ਰੂਰੀ ਹੈ ਪਰ ਇਹ ਹਲਾਤ ਸਰਕਾਰਾਂ ਬਣਾਉਂਦੀਆਂ ਹਨ ਕਿਉਂਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਸਿੱਖ ਕੌਮ ਦੇ ਮਸਲਿਆਂ ਤੇ ਇਨਸਾਫ ਦੇਣਾ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਲਾਤ ਬਿਲਕੁਲ ਠੀਕ ਹਨ, ਪਰ ਅਫ਼ਸੋਸ ਪੰਜਾਬ ਦੇ ਗਵਰਨਰ ਬਾਰਡਰ ਤੇ ਜਾ ਕੇ ਗਲਤ ਬਿਆਨਬਾਜ਼ੀ ਕਰ ਰਹੇ ਹਨ ਕਿ ਪੰਜਾਬ ਵਿੱਚ ਮਾਹੌਲ ਖ਼ਰਾਬ ਹੈ ਜਦੋਂ ਕਿ ਅਜਿਹੀ ਕੋਈ ਗੱਲ ਨਹੀਂ ਤੇ ਅਜਿਹੇ ਬਿਆਨ ਤੋਂ ਸਾਹਮਣੇ ਆਉਂਦਾ ਹੈ ਇਹ ਅਜੰਸੀਆਂ ਅਤੇ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਵਿੱਚ ਮਾਹੌਲ ਖਰਾਬ ਹੋਵੇ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ ।