ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਲਟੀਮੇਟਮ ਤੇ ਪੰਜਾਬ ਸਰਕਾਰ ਪੈਣ ਲੱਗੀ ਨਰਮ, ਹਿਰਾਸਤ ‘ਚ ਲਏ 360 ਵਿੱਚੋਂ 348 ਨੌਜਵਾਨ ਕੀਤੇ ਰਿਹਾਅ 

  • ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਦੇ ਮਾਪਿਆਂ ਨੂੰ ਗ੍ਰਿਫਤਾਰ ਨੌਜਵਾਨਾਂ ਬਾਰੇ ਪੂਰੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੁਰੰਤ ਭੇਜਣ ਬਾਰੇ ਕਿਹਾ 

ਅੰਮ੍ਰਿਤਸਰ, 30 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ ਨੂੰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ ਰਿਹਾਅ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਅਤੇ ਜੱਥੇਦਾਰ ਸਾਹਿਬ ਦਰਮਿਆਨ ਕਾਫੀ ਸ਼ਬਦੀ ਤਕਰਾਰ ਹੋ ਗਈ ਸੀ ਪਰੰਤੂ ਬਾਅਦ ਵਿੱਚ ਪੰਜਾਬ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਜਾਣਕਾਰੀ ਭੇਜ ਕੇ 348 ਨੌਜਵਾਨਾਂ ਨੂੰ ਰਿਹਾਅ ਕਰਨ ਦੀ ਜਾਣਕਾਰੀ ਦਿੱਤੀ ਹੈਪ੍ਰੈਸ ਨਾਲ ਗੱਲਬਾਤ ਕਰਦਿਆਂ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਢੱਡੇ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਜਾਣਕਾਰੀ ਵਿਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਨੇ ਪਿਛਲੇ ਦਿਨੀਂ ਧਾਰਾ 107/51 ਤਹਿਤ ਕੁੱਲ 360 ਨੌਜਵਾਨ ਗਿ੍ਫ਼ਤਾਰ ਕੀਤੇ ਸਨ, ਜਿਨ੍ਹਾਂ ‘ਚੋਂ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਧਾਰਾ ਤਹਿਤ ਗਿ੍ਫ਼ਤਾਰ ਅਜੇ 12 ਨੌਜਵਾਨ ਰਿਹਾਅ ਹੋਣੇ ਬਾਕੀ ਹਨ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਸਲਾ ਐਕਟ, ਅਜਨਾਲਾ ਹਿੰਸਾ ਮਾਮਲੇ ਅਤੇ ਐਨ. ਐਸ. ਏ. ਤਹਿਤ ਗਿ੍ਫ਼ਤਾਰ ਕੀਤੇ ਸਿੱਖ ਨੌਜਵਾਨਾਂ ਬਾਰੇ ਅਜੇ ਤੱਕ ਸਰਕਾਰ ਵਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਿਛਲੇ ਦਿਨਾਂ ਵਿਚ ਗਿ੍ਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿ੍ਫ਼ਤਾਰ ਨੌਜਵਾਨਾਂ ਬਾਰੇ ਪੂਰੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੁਰੰਤ ਭੇਜਣ ਤਾਂ ਜੋ ਉਨ੍ਹਾਂ ਦੀ ਰਿਹਾਈ ਸੰਬੰਧੀ ਯਤਨ ਕੀਤੇ ਜਾ ਸਕਣ । ਉਨ੍ਹਾਂ ਨੇ ਪਿਛਲੇ ਦਿਨੀਂ ਪੁਲਿਸ ਵਲੋਂ ਜਿਨ੍ਹਾਂ ਦੇ ਵਾਹਨਾਂ ਦੀ ਤੋੜ ਫੋੜ ਕੀਤੀ ਗਈ, ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਤੇ ਹੋਰ ਵੇਰਵੇ ਲੈ ਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪਰਕ ਕਰਨ ਤਾਂ ਕਿ ਯੂ. ਕੇ. ਦੀ ਇਕ ਸਿੱਖ ਸੰਸਥਾ, ਜੋ ਨੁਕਸਾਨੇ ਵਾਹਨਾਂ ਨੂੰ ਠੀਕ ਕਰਾਉਣ ਸੰਬੰਧੀ ਆਰਥਿਕ ਸਹਾਇਤਾ ਦੇਣਾ ਚਾਹੁੰਦੀ ਹੈ, ਨੂੰ ਵੇਰਵੇ ਭੇਜੇ ਜਾ ਸਕਣ। ਸਮਝਿਆ ਜਾ ਰਿਹਾ ਹੈ ਕਿ ਜਥੇਦਾਰ ਵਲੋਂ ਅਲਟੀਮੇਟਮ ਖ਼ਤਮ ਤੋਂ ਬਾਅਦ ਸਰਕਾਰ ਦੀਆਂ ਨੀਤੀਆਂ ਵਿਰੁੱਧ ਸੰਘਰਸ਼ ਆਰੰਭਣ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ।