ਅਜ਼ਾਦੀ ਦਿਵਸ ਦੇ ਮੌਕੇ ਮਨਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ

  • ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ

ਤਰਨ ਤਾਰਨ, 26 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੂਰੇ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ।ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ਨੂੰ ਮਨਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਾਲ ਨਿਭਾਉਣ। ਉਹਨਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਜ਼ ਅਤੇ ਸਕਾਊਟਸ ਤੇ ਗਰਲ ਗਾਈਡਜ਼ ਵੱਲੋਂ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਕੂਲੀ ਬੱਚਿਆਂ ਦਾ ਪੀ. ਟੀ. ਸ਼ੋਅ ਵੀ ਹੋਵੇਗਾ। ਉਨਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ, ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਤੋਂ ਇਲਾਵਾ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਿਸ ਲਾਈਨ ਦੇ ਨਾਲ-ਨਾਲ ਸਾਰੇ ਸ਼ਹਿਰ ਦੀ ਸਫ਼ਾਈ ਕਰਵਾਉਣ ਅਤੇ ਸ਼ਹਿਰ ਦੇ ਚਾਰੇ ਪਾਸੇ ਸਵਾਗਤੀ ਗੇਟ ਬਣਾਏ ਜਾਣ ਅਤੇ ਸ਼ਹਿਰ ਦੇ ਚੌਂਕਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇ।ਮੀਟਿੰਗ ਵਿੱਚ ਬਿਜਲੀ ਦੀ ਸਪਲਾਈ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਟੇਜ ਦੀ ਸਜਾਵਟ ਅਤੇ ਬੱਚਿਆਂ ਲਈ ਰਿਫ੍ਰੈਸ਼ਮੈਂਟ ਦੇ ਪ੍ਰਬੰਧਾਂ ਸਬੰਧੀ ਸਬੰਧਿਤ ਅਧਿਕਾਰੀਆਂ ਨੂੂੰ ਵੀ ਆਦੇਸ਼ ਦਿੱਤੇ ਗਏ। ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਭਰਤ ਭੂਸ਼ਣ, ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਨਵਕੀਰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।