ਵਿਧਾਇਕ ਨਿੱਜਰ ਨੇ 14 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 14 ਅਗਸਤ 2024 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰ: 65 ਵਿਖੇ ਲਾਲ ਕੁਆਟਰ ਗੁੱਜਰਪੁਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਪਿਛੋਂ ਕੀਤਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਪਿਛਲੇ 10 ਸਾਲਾਂ ਤੋਂ ਮੰਗ ਸੀ ਕਿ ਇਥੇ ਇਕ ਪਾਣੀ ਦਾ ਟਿਊਬਵੈਲ ਲਗਾਇਆ ਜਾਵੇ, ਕਿਉਂਕਿ ਉਹ ਲੋਕ ਪੀਣ ਵਾਲੀ ਪਾਣੀ ਦੀ ਸਮੱਸਿਆ ਤੋਂ ਤੰਗ ਸਨ। ਡਾ. ਨਿੱਜਰ ਨੇ ਕਿਹਾ ਕਿ ਅੱਜ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਰਹੇਗੀ।  ਡਾ. ਨਿੱਜਰ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਖੱਜਲ ਖੁਆਰੀ ਤੋਂ ਬਚਾਉਣ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਪ ਦੀ ਸਰਕਾਰ ਤੁਹਾਡੇ ਦੁਆਰ ਤਹਿਤ ਕੈਂਪ ਲਗਾਏ ਜਾ ਰਹੇ ਹਨ। ਜਿੱਥੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਦੀ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਇਸ ਮੌਕੇ ਬੰਟੀ ਪਹਿਲਵਾਨ ਸ੍ਰੀ ਪ੍ਰੇਮ ਕੁਮਾਰ, ਗਗਨ ਖੰਡੇਵਾਲੇ , ਹਿੰਮਤ ਸਿੰਘ, ਸ੍ਰੀ ਨਵਨੀਤ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।