ਬਟਾਲਾ, 16 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ, ਉਹ ਵਚਨਬੱਧ ਹਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਇਹ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਦੀ ਹਰ ਵਾਰਡ ਵਿੱਚ ਕੋਈ ਨਾ ਕੋਈ ਵਿਕਾਸ ਕਾਰਜ ਚੱਲ ਰਿਹਾ ਹੈ ਅਤੇ ਉਹ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਇੱਕੋ ਛੱਤ ਹੇਠਾਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜੁਡੀਸ਼ੀਅਲ ਕੰਪਲੈਕਸ ਬਟਾਲਾ ਨੇੜੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸੇ ਤਰਾਂ ਉਸਮਾਨਪੁਰ ਸਿਟੀ ਗੁਰਦਾਸਪੁਰ ਬਾਈਪਾਸ ਨੇੜੇ ਸ਼ਾਨਦਾਰ ਗੇਟ ਦੀ ਉਸਾਰੀ ਤੇ ਪਾਰਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਬਟਾਲਾ ਬਾਈਪਾਸ ਤੋਂ ਅੰਮ੍ਰਿਤਸਰ ਬਾਈਪਾਸ ਸ਼ਹਿਰ ਵਿਚਲੀ ਸੜਕ ਅਤੇ ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਬਟਾਲਾ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕ ਨੂੰ ਚੋੜਿਆਂ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ।