ਵਿਧਾਇਕ ਸ਼ੈਰੀ ਕਲਸੀ, ਬਟਾਲਾ ਵਾਸੀਆਂ ਨੂੰ ਨਵੇਂ ਸਾਲ ਦੇ ਪਹਿਲੇ ਹਫਤੇ ਦੇਣਗੇ ਇੱਕ ਹੋਰ ਨਿਵੇਕਲਾ ਤੋਹਫ਼ਾ

  • 04 ਜਨਵਰੀ ਨੂੰ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ

ਬਟਾਲਾ, 30 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕੀਤੇ ਜਾ ਰਹੇ ਨਿਰੰਤਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਨਵੇਂ ਸਾਲ 2024 ਦੇ ਪਹਿਲੇ ਹਫਤੇ ਲੋਕਾਂ ਨੂੰ ਨਵਾਂ ਤੋਹਫ਼ਾ ਦੇਣ ਜਾ ਰਹੇ ਹਨ। ਜੀ ਹਾਂ, ਵਿਧਾਇਕ ਸ਼ੈਰੀ ਕਲਸੀ 4 ਜਨਵਰੀ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੂੰ ਇੱਕੋ ਛੱਤ ਹੇਠਾਂ ਵੱਖ ਵੱਖ ਸਹੂਲਤਾਂ ਦੇਣ ਦੇ ਮੰਤਵ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ, ਨੇੜੇ ਜੁਡੀਸ਼ੀਅਲ ਕੰਪਲੈਕਸ ਬਟਾਲਾ ਵਿਖੇ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਪਿਛਲੇ 18 ਮਹੀਨਿਆਂ ਵਿੱਚ ਹਲਕਾ ਬਟਾਲਾ ਅੰਦਰ ਵੱਖ ਵੱਖ ਵਿਕਾਸ ਕਾਰਜਾਂ ਕਰਨ ਦੇ ਨਾਲ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਲ 2022 ਤੇ 2023 ਵਿੱਚ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ, ਓਸੇ ਤਰ੍ਹਾਂ ਸਾਲ 2024 ਵਿੱਚ ਲੋਕ ਭਲਾਈ ਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਰਿਕਾਰਡ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਪਰਮਾਤਮਾ ਦੇ ਆਸ਼ੀਰਵਾਦ ਅਤੇ ਲੋਕਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਉਨਾਂ ਦੀ ਡਿਊਟੀ ਹੈ ਅਤੇ ਲੋਕਾਂ ਨਾਲ ਜੋ ਉਨਾਂ ਨੇ ਵਾਅਦੇ ਕੀਤੇ ਸਨ, ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ।