- ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ
ਗੁਰਦਾਸਪੁਰ, 5 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਸਾਲ ਸਬਸਿਡੀ ਤੇ 20 ਹਜਾਰ ਤੋਂ ਵੱਧ ਮਸ਼ੀਨਾਂ ਕਿਸਾਨਾਂ ਨੂੰ ਉਪਲਬੱਧ ਕਰਵਾਉਣ ਦੀ ਯੋਜਨਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਇਸ ਲਈ ਪੰਜਾਬ ਸਰਕਾਰ ਨੇ 350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਹੈ। ਇਸ ਪਹਿਲ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਾਂ ਉਤੇ ਸਹਿਕਾਰੀ ਸਭਾਵਾਂ ਤੇ ਹੋਰ ਸਮੂਹ 80 ਫ਼ੀਸਦ ਸਬਸਿਡੀ ਦਾ ਲਾਭ ਲੈ ਸਕਦੇ ਹਨ, ਉਥੇ ਦੂਜੇ ਪਾਸੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਮਿਲ ਸਕੇਗੀ। ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮੌਜੂਦਾ ਸਾਲ ਵਿਚ ਵਿਅਕਤੀਗਤ ਕਿਸਾਨਾਂ ਨੂੰ 20,000 ਤੋਂ ਵੱਧ ਮਸ਼ੀਨਾਂ ਸਬਸਿਡੀ ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ 1000 ਕਸਟਮ ਹਾਇਰਿੰਗ ਸੈਂਟਰ ਵੀ ਸਥਾਪਿਤ ਕੀਤੇ ਜਾਣਗੇ। ਸ. ਸੇਖਵਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਸਾਉਣੀ ਸੀਜ਼ਨ 2023 ਦੌਰਾਨ ਵੱਖ-ਵੱਖ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨਾਂ, ਸਹਿਕਾਰੀ ਸਭਾਵਾਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇਸ ਸਕੀਮ ਤਹਿਤ ਇਨਸੀਟੂ ਪ੍ਰਬੰਧਨ ਲਈ ਸੁਪਰ ਐੱਸ.ਐੱਮ.ਐੱਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਅਤੇ ਐਕਸਸੀਟੂ ਪ੍ਰਬੰਧਨ ਵਿੱਚ ਬੇਲਰ ਅਤੇ ਰੇਕ ਸਬਸਿਡੀ ਤੇ ਉਪਲਬਧ ਕਰਵਾਏ ਜਾ ਰਹੇ ਹਨ। ਵਿਅਕਤੀਗਤ ਕਿਸਾਨਾਂ ਲਈ ਉਪਰੋਕਤ ਮਸ਼ੀਨਾਂ ਤੇ ਸਬਸਿਡੀ ਦੀ ਦਰ ਉਪਕਰਣਾਂ ਦੀ ਕੀਮਤ ਦਾ 50 ਫ਼ੀਸਦ ਅਤੇ ਸਹਿਕਾਰੀ ਸਭਾਵਾਂ, ਐਫ.ਪੀ.ਓਜ਼, ਪੰਚਾਇਤਾਂ ਲਈ ਇਸ ਸਕੀਮ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ 80 ਫ਼ੀਸਦ ਤੱਕ ਰੱਖੀ ਗਈ ਹੈ। ਸੂਬੇ ਵਿੱਚ ਫ਼ਸਲੀ ਰਹਿੰਦਖੂੰਹਦ ਸਾੜਨ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕਰਨ ਲਈ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ https://agrimachinerypb.com ਉਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ।