ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ - ਧਾਲੀਵਾਲ 

  • ਆਪ ਦੀ ਸਰਕਾਰ ਆਪ ਦੇ ਦੁਆਰ’
  • ਅਜਨਾਲਾ ਵਿਖੇ ਲੱਗੇ ਕੈਂਪਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ 16 ਫਰਵਰੀ : ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਗ੍ਰੰਥਗੜ੍ਹ, ਸਰਕਾਰੀ ਐਲੀਮੈਂਟਰੀ ਸਕੂਲ ਬੱਲਾਬੇ ਦਰਿਆ, ਸਰਕਾਰੀ ਐਂਲੀਮੈਂਟਰੀ ਸਕੂਲ ਤੇਰਾ ਰਾਜਪੂਤਾਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਬੱਲਾਂ ਵਿਖੇ ਲਗਾਏ ਗਏ ਕੈਂਪਾਂ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ  ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਸਰਕਾਰੀ ਸਹੂਲਤਾਂ ਦਾ ਲਾਭ ਉਠਾ ਰਹੇ ਹਨ।  ਉਨਾਂ ਦੱਸਿਆ ਕਿ ਇਨਾਂ ਕੈਂਪਾਂ ਦੇ ਲੱਗਣ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਜਿਸ ਨਾਲ ਉਨਾਂ ਦਾ ਕੀਮਤੀ ਸਮਾਂ ਬਚਦਾ ਹੈ ਉਥੇ ਪੈਸੇ ਦੀ ਬਚਤ ਵੀ ਹੋ ਰਹੀ ਹੈ। ਸ: ਧਾਲੀਵਾਲ ਨੇ ਕੈਂਪ ਵਿਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੈਂਪਾਂ ਸਬੰਧੀ ਜਾਗਰੂਕ ਕਰਨ ਲਈ ਸਰਕਾਰ ਵਲੋ ਪ੍ਰਚਾਰ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ ਜੋ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਰਕਾਰੀ ਸੇਵਾਵਾਂ ਦੀ ਜਾਣਕਾਰੀ ਪ੍ਰਦਾਨ ਕਰ ਰਹੀਆਂ ਹਨ। ਇਸ ਮੌਕੇ ਸ: ਧਾਲੀਵਾਲ ਨੇ ਕੈਂਪ ਵਿੱਚ ਆਏ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸੇਵਾ ਦਾ ਲਾਭ ਦਿੰਦੇ ਹੋਏ ਸਰਟੀਫਿਕੇਟ ਵੀ ਵੰਡੇ। ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ। ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਰੋਜ਼ਾਨਾ ਹਰੇਕ ਸਬ ਡਵੀਜ਼ਨ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।  ਉਨਾਂ ਦੱਸਿਆ ਕਿ ਇਸ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।