- ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅੱਜ “ਘਰ-ਘਰ ਮੁਫਤ ਰਾਸ਼ਨ” ਸਕੀਮ ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਨਾਲ ਵਿਸ਼ੇਸ ਮੀਟਿੰਗ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ ਪਹੁੰਚ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨਾਲ ਵੀਡੀਓ ਕਾਨਫਰੰਸਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ “ਘਰ-ਘਰ ਮੁਫਤ ਰਾਸ਼ਨ” ਸਕੀਮ ਅਧੀਨ ਯੋਗ ਲਾਭਪਾਤਰੀਆਂ ਤੱਕ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਜੋ ਟੀਚਾ ਨਿਸ਼ਚਿਤ ਕੀਤਾ ਗਿਆ ਹੈ, ਉਸ ਨੂੰ ਜ਼ਿਲ੍ਹੇ ਵਿਚ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਵੀ ਇਸ ਸਕੀਮ ਅਧੀਨ ਯੋੋਗ ਲਾਭਪਾਤਰੀਆਂ ਨੂੰ ਰਾਸ਼ਨ ਵੰਡਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਇਸ ਸਕੀਮ ਅਧੀਨ 1,76,213 ਰਾਸ਼ਨ ਕਾਰਡ ਹਨ।ਉਨ੍ਹਾ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਕੀਮ ਅਧੀਨ ਰਜਿਸਟਰਡ ਸਾਰੇ ਲਾਭਪਾਤਰੀਆਂ ਨੂੰ ਰਾਸ਼ਨ ਮਿਲੇ। ਉਨ੍ਹਾਂ ਇਸ ਸਕੀਮ ਨਾਲ ਜੁੜੇ ਸਾਰੇ ਵਿਭਾਗਾਂ ਨੂੰ ਰੋਜ਼ਾਨਾ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਘਰ-ਘਰ ਮੁਫਤ ਰਾਸ਼ਨ ਦੇ ਪ੍ਰਬੰਧ ਕੀਤੇ ਜਾਣ ਤੋਂ ਬਾਅਦ ਰਜਿਸਟਰਡ ਲਾਭਪਾਤਰੀਆਂ ਨੂੰ ਡਿਪੂਆਂ ‘ਤੇ ਜਾਣ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਅਤੇ ਕੰਟਰੋਲਰ ਅਤੇ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਨੂੰ ਵੰਡ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਸਮੇਂ ਸਿਰ ਰਾਸ਼ਨ ਮਿਲ ਸਕੇ।