ਚੋਣਾਂ ਵਾਲੇ ਦਿਨ ਜਾਂ ਉਸਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਛੱਪਣ ਵਾਲੇ ਇਸ਼ਤਿਹਾਰਾਂ ਦੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣਾ ਲਾਜ਼ਮੀ

  • ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ

ਤਰਨ ਤਾਰਨ, 05 ਅਪ੍ਰੈਲ : ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ‘ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਮਤਦਾਨ 01 ਜੂਨ, 2024 ਨੂੰ ਹੋਣਾ ਹੈ। ਇਸ ਲਈ 31 ਮਈ, 2024 ਅਤੇ 01 ਜੂਨ, 2024 ਦੇ ਅਖਬਾਰਾਂ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣਾ ਲਾਜ਼ਮੀ ਹੈ। ਉਨਾਂ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ। ਉਹਨਾਂ ਕਿਹਾ ਕਿ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨ੍ਹਾਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਜਾਰੀ ਨਹੀਂ ਕੀਤਾ ਜਾ ਸਕਦਾ ਹੈ।ਉਹਨਾਂ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਇਸ਼ਤਿਹਾਰਾਂ ਦੀ ਪ੍ਰੀ-ਸਰਟੀਫਿਕੇਸ਼ਨ ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ-ਘੱਟ ਦੋ ਦਿਨ ਪਹਿਲਾਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਕੋਲ ਅਰਜ਼ੀ ਦੇਣਾ ਲਾਜਮੀ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਵੱਲੋਂ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਜਾਂਦੀਆਂ ਹਨ ਤਾਂ ਇੰਨ੍ਹਾਂ ਦਾ ਖਰਚਾ ਵੀ ਉਮੀਦਵਾਰ ਦੇ ਚੋਣ ਖਰਚ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਲਈ ਪ੍ਰਿੰਟ ਮੀਡੀਆ, ਸੋ਼ਸਲ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ।