ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

  • ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ ਗਠਿਤ

ਬਟਾਲਾ, 29 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਕਿਹਾ ਕਿ  ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ/ਮਾਰਕੀਟਿੰਗ ਯੂਨਿਟਾਂ ਅਤੇ ਰਿਟੇਲ/ਹੋਲਸੇਲ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ’ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀ ਕੀਮਤ ‘ਤੇ ਵੀ ਨਜ਼ਰ ਰੱਖਣਗੀਆਂ। ਉਨਾਂ ਅੱਗੇ ਦੱਸਿਆ ਕਿ ਇਕ ਫਲਾਇੰਗ ਸਕੁਐਡ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਇਹ ਫਲਾਇੰਗ ਸਕੁਐਡ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ’ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲ ’ਤੇ ਦਰਸਾਈ ਗਈ ਰਕਮ ਹੀ ਅਦਾ ਕਰਨ। ਉਨ੍ਹਾਂ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।