ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ - ਚੇਅਰਮੈਨ ਰਮਨ ਬਹਿਲ

  • ਕਿਹਾ, 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ

ਗੁਰਦਾਸਪੁਰ, 21 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ ਸਬੰਧਤ ਕੰਮ-ਕਾਜ ਲੋਕਾਂ ਦੇ ਘਰਾਂ ਦੇ ਨੇੜੇ ਹੀ ਤੁਰਤ-ਫੁਰਤ ਹੋ ਰਿਹਾ ਹੋਵੇ। ਚੇਅਰਮੈਨ ਸ੍ਰੀ ਰਮਨ ਬਹਿਲ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਅੱਜ ‌ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬਰਨਾਲਾ, ਚਾਹੀਆਂ, ਦਿਉਲ, ਮੁਸਤਫਾਬਾਦ ਸੈਦਾਂ ਵਿਖੇ ਲੱਗੇ ਵਿਸ਼ੇਸ਼ ਕੈਂਪ ਮੌਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਰਮਨ ਬਹਿਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਵਾਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਰਹੇ ਹਨ।