ਅੰਮ੍ਰਿਤਸਰ, 01 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਹੈ। ਇਸ ਮੌਕੇ ਉੱਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਪੰਥਕ ਆਗੂ ਪਹੁੰਚੇ ਹਨ। ਭਾਵੇਂ ਇਨ੍ਹਾਂ ਅਕਾਲੀ ਆਗੂਆਂ ਦੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਬਗਾਵਤ ਸ਼ਰੇਆਮ ਉਜਾਗਰ ਹੋ ਰਹੀ ਹੈ ਪਰ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹਨ। ਇਸ ਲਈ ਉਹ ਬਾਗੀ ਨਹੀਂ ਹਨ। ਉਨ੍ਹਾਂ ਕਿਹਾ 2007 ਤੋਂ ਲੈਕੇ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਅਨੇਕਾਂ ਗਲਤੀਆਂ ਹੋਈਆਂ ਹਨ ਅਤੇ ਇਸ ਸਬੰਧੀ ਉਨ੍ਹਾਂ ਨੇ ਮੁਆਫੀਨਾਮਾ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ। ਇਨ੍ਹਾਂ ਗਲਤੀਆਂ ਲਈ ਜੋ ਵੀ ਸਜ਼ਾ ਉਹ ਦੇਣਗੇ ਉਸ ਨੂੰ ਸਾਰੇ ਅਕਾਲੀ ਆਗੂ ਪ੍ਰਵਾਨ ਕਰਨਗੇ। ਦੱਸ ਦਈਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁੱਲਾਂ ਬਖ਼ਸ਼ਾਉਣ ਲਈ ਪਹੁੰਚੇ ਅਕਾਲੀ ਆਗੂਆਂ ਨੇ ਜੋ ਮੁਆਫੀਮਾਨਾ ਸੌਂਪਿਆ ਹੈ ਉਸ ਵਿੱਚ ਉਨ੍ਹਾਂ ਜ਼ਿਕਰ ਕੀਤਾ ਹੈ ਕਿ 2007 ਤੋਂ ਲੈਕੇ 2017 ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਬਹੁਤ ਸਾਰੀਆਂ ਗਲਤੀਆਂ ਹੋਈਆਂ ਹਨ। ਇਨ੍ਹਾਂ ਗਲਤੀਆਂ ਵਿੱਚ ਉਨ੍ਹਾਂ ਨੇ ਬੇਅਦਬੀਆਂ,ਸੌਦਾ ਸਾਧ ਰਾਮ ਰਹੀਮ ਨੂੰ ਮੁਆਫੀ ਦੇਣਾ ਅਤੇ ਸ਼ਾਂਤ ਮਈ ਧਰਨਾ ਦੇ ਰਹੀ ਸੰਗਤ ਉੱਤੇ ਗੋਲੀਆਂ ਦਾਗੇ ਜਾਣ ਸਬੰਧੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸਭ ਕੁੱਝ ਜਾਨਣ ਦੇ ਬਾਵਜੂਦ ਯੋਗ ਕਾਰਵਾਈ ਨਹੀਂ ਕੀਤੀ ਅਤੇ ਇਸ ਦੌਰਾਨ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ , ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਵੀ ਅਕਾਲੀ ਦਲ ਦਾ ਹਿੱਸਾ ਸਨ। ਇਸ ਲਈ ਉਹ ਸਾਰੇ ਭੁੱਲਾਂ ਬਖ਼ਸ਼ਾਉਣ ਲਈ ਪਹੁੰਚੇ ਹਨ।
ਬਾਗ਼ੀ ਧੜੇ ਨੇ ਅਕਾਲ ਤਖ਼ਤ ਨੂੰ ਸੌਂਪੇ ਮੁਆਫ਼ੀਨਾਮੇ 'ਚ 4 ਗ਼ਲਤੀਆਂ ਮੰਨੀਆਂ...
1. ਡੇਰਾ ਸਿਰਸਾ ਖਿਲਾਫ ਸ਼ਿਕਾਇਤ ਵਾਪਸ ਲੈ ਲਈ
2007 ਵਿੱਚ ਸਲਾਬਤਪੁਰਾ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਰਿਆਦਾ ਦੀ ਨਕਲ ਕਰਦੇ ਹੋਏ ਉਹੋ ਜਿਹਾ ਬਾਣਾ ਪਹਿਨ ਕੇ ਅੰਮ੍ਰਿਤ ਛਕਣ ਦਾ ਬਹਾਨਾ ਲਾਇਆ ਸੀ। ਉਸ ਸਮੇਂ ਉਸ ਖ਼ਿਲਾਫ਼ ਪੁਲਿਸ ਕੇਸ ਵੀ ਦਰਜ ਕੀਤਾ ਗਿਆ ਪਰ ਬਾਅਦ ਵਿੱਚ ਅਕਾਲੀ ਸਰਕਾਰ ਨੇ ਸਜ਼ਾ ਦੇਣ ਦੀ ਬਜਾਏ ਕੇਸ ਵਾਪਸ ਲੈ ਲਿਆ।
2. ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫੀ ਦਿੱਤੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਰਵਾਈ ਕਰਦਿਆਂ ਡੇਰਾ ਮੁਖੀ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ਲਈ ਆਪਣਾ ਪ੍ਰਭਾਵ ਵਰਤਿਆ। ਇਸ ਤੋਂ ਬਾਅਦ ਸਿੱਖ ਪੰਥ ਦੇ ਰੋਹ ਤੇ ਰੋਸ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਨੂੰ ਇਸ ਫੈਸਲੇ ਤੋਂ ਪਿੱਛੇ ਹਟਣਾ ਪਿਆ।
3. ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ
1 ਜੂਨ, 2015 ਨੂੰ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਕੁਝ ਅਨਸਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਕਰ ਲਈ। ਫਿਰ 12 ਅਕਤੂਬਰ, 2015 ਨੂੰ ਬਰਗਾੜੀ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 110 ਅੰਗ ਚੋਰੀ ਕਰਕੇ ਬਾਹਰ ਸੁੱਟ ਦਿੱਤੇ ਗਏ। ਇਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਸਮੇਂ ਸਿਰ ਇਸ ਮਾਮਲੇ ਦੀ ਜਾਂਚ ਨਹੀਂ ਕੀਤੀ। ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਕਾਮਯਾਬ ਨਹੀਂ ਹੋ ਸਕੇ। ਇਸ ਨਾਲ ਪੰਜਾਬ ਦੇ ਹਾਲਾਤ ਵਿਗੜ ਗਏ ਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਦੁਖਦਾਈ ਘਟਨਾਵਾਂ ਵਾਪਰੀਆਂ।
4. ਝੂਠੇ ਕੇਸਾਂ ਵਿੱਚ ਮਾਰੇ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕੇ
ਅਕਾਲੀ ਸਰਕਾਰ ਨੇ ਸੁਮੇਧ ਸੈਣੀ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ। ਉਹ ਸੂਬੇ ਵਿੱਚ ਝੂਠੇ ਪੁਲਿਸ ਮੁਕਾਬਲੇ ਕਰਵਾ ਕੇ ਸਿੱਖ ਨੌਜਵਾਨਾਂ ਨੂੰ ਮਾਰਨ ਲਈ ਜਾਣਿਆ ਜਾਂਦਾ ਸੀ। ਆਲਮ ਸੈਨਾ ਬਣਾਉਣ ਵਾਲੇ ਪੁਲਿਸ ਮੁਲਾਜ਼ਮ ਇਜ਼ਹਾਰ ਆਲਮ ਨੇ ਆਪਣੀ ਪਤਨੀ ਨੂੰ ਟਿਕਟ ਦੇ ਕੇ ਮੁੱਖ ਸੰਸਦੀ ਸਕੱਤਰ ਬਣਾ ਦਿੱਤਾ। 2012 ਵਿੱਚ ਬਣੀ ਅਕਾਲੀ ਦਲ ਦੀ ਸਰਕਾਰ ਤੇ ਪਿਛਲੀਆਂ ਅਕਾਲੀ ਸਰਕਾਰਾਂ ਵੀ ਸੂਬੇ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਨ ਤੇ ਪੀੜਤਾਂ ਨੂੰ ਰਾਹਤ ਦੇਣ ਲਈ ਕਮਿਸ਼ਨ ਬਣਾ ਕੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਵਿੱਚ ਨਾਕਾਮ ਰਹੀਆਂ।
ਅਕਾਲੀ ਦਲ ਨੇ ਹਮੇਸ਼ਾ ਪੰਥਕ ਮਸਲਿਆਂ ਨੂੰ ਚੁੱਕਿਆ, ਦੋਫਾੜ ਨਹੀਂ ਹੋਣ ਦੇਣਾ ਚਾਹੀਦਾ : ਗਿਆਨੀ ਹਰਪ੍ਰੀਤ ਸਿੰਘ
ਜਥੇਦਾਰ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਇਸ ਤਰ੍ਹਾਂ ਦਾ ਵਿਵਾਦ ਹੋਣਾ ਸਹੀ ਨਹੀਂ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬਾਰ ਬਾਦਲ ਅਤੇ ਬਾਕੀ ਸੀਨੀਅਰ ਆਗੂਆਂ ਨੂੰ ਇਸ ਵਿਵਾਦ ਨੂੰ ਵਧਾਉਣ ਦੀ ਥਾਂ ਟੇਬਲ ਟਾਕ ਰਾਹੀਂ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥਕ ਮਸਲਿਆਂ ਨੂੰ ਚੁੱਕਿਆ ਹੈ ਇਸ ਲਈ ਅੱਜ ਇਸ ਨੂੰ ਦੋਫਾੜ ਨਹੀਂ ਹੋਣ ਦੇਣਾ ਚਾਹੀਦਾ। ਦੱਸ ਦਈਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁੱਲਾਂ ਬਖ਼ਸ਼ਾਉਣ ਲਈ ਪਹੁੰਚੇ ਅਕਾਲੀ ਆਗੂਆਂ ਨੇ ਜੋ ਮੁਆਫੀਮਾਨਾ ਸੌਂਪਿਆ ਹੈ ਉਸ ਵਿੱਚ ਉਨ੍ਹਾਂ ਜ਼ਿਕਰ ਕੀਤਾ ਹੈ ਕਿ 2007 ਤੋਂ ਲੈਕੇ 2017 ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਬਹੁਤ ਸਾਰੀਆਂ ਗਲਤੀਆਂ ਹੋਈਆਂ ਹਨ। ਇਨ੍ਹਾਂ ਗਲਤੀਆਂ ਵਿੱਚ ਉਨ੍ਹਾਂ ਨੇ ਬੇਅਦਬੀਆਂ,ਸੌਦਾ ਸਾਧ ਰਾਮ ਰਹੀਮ ਨੂੰ ਮੁਆਫੀ ਦੇਣਾ ਅਤੇ ਸ਼ਾਂਤ ਮਈ ਧਰਨਾ ਦੇ ਰਹੀ ਸੰਗਤ ਉੱਤੇ ਗੋਲੀਆਂ ਦਾਗੇ ਜਾਣ ਸਬੰਧੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸਭ ਕੁੱਝ ਜਾਨਣ ਦੇ ਬਾਵਜੂਦ ਯੋਗ ਕਾਰਵਾਈ ਨਹੀਂ ਕੀਤੀ ਅਤੇ ਇਸ ਦੌਰਾਨ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ , ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਵੀ ਅਕਾਲੀ ਦਲ ਦਾ ਹਿੱਸਾ ਸਨ। ਇਸ ਲਈ ਉਹ ਸਾਰੇ ਭੁੱਲਾਂ ਬਖ਼ਸ਼ਾਉਣ ਲਈ ਪਹੁੰਚੇ ਹਨ।