ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਪਵੇਗਾ : ਬੀਬੀ ਜੰਗੀਰ ਕੌਰ

ਅੰਮ੍ਰਿਤਸਰ, 23 ਫਰਵਰੀ : ਅੱਜ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਪਵੇਗਾ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਬਾਦਲਾਂ ਦੇ ਰਾਜ ਵਿੱਚ ਰੇਤ ਮਾਫੀਆ, ਕੇਬਲ ਮਾਫੀਆ, ਰਿਸ਼ਵਤਖੋਰੀ ਅਤੇ ਨਸ਼ਿਆਂ ਦਾ ਵੱਡਾ ਕਲੰਕ ਪੰਜਾਬ ਦੀ ਨੌਜਵਾਨੀ ਦੇ ਮੱਥੇ ਲੱਗਾ ਸੀ, 2015 ‘ਚ ਬੇਅਦਬੀ ਦਾ ਕਲੰਕ ਆਦਿ ਉਸ ਸਮੇਂ ਤੱਕ ਨਹੀਂ ਉੱਤਰ ਸਕਦਾ, ਜਦੋਂ ਤੱਕ ਬਾਦਲ ਪਰਿਵਾਰ ਨੂੰ ਲਾਂਭੇ ਨਹੀਂ ਕੀਤਾ ਜਾ ਸਕਦਾ। ਬੀਬੀ ਜੰਗੀਰ ਕੌਰ ਨੇ ਕਿਹਾ ਕਿ 3 ਜੂਨ ਨੂੰ ਸੰਤ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ ਬਰਸੀ ‘ਤੇ ਵੱਡਾ ਐਲਾਨ ਕੀਤਾ ਜਾਵੇਗਾ ਤੇ ਉਸ ਤੋਂ ਪਹਿਲਾਂ ਉਹ ਸਾਰੇ ਪੰਜਾਬ ਵਿੱਚ ਲਾਮਬੰਦੀ ਕਰਨਗੇ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਿਹੜੀ ਐਸਟੀਐਫ ਦਾ ਜਾਂਚ ਦਾ ਬੰਦ ਲਿਫਾਫਾ ਹਾਈਕੋਰਟ ਵਿਚ ਪਿਆ ਹੈ, ਉਸ ਨੂੰ ਖੁਲਵਾਇਆ ਜਾਵੇ ਤਾਂ ਜੋ ਉਨ੍ਹਾਂ ਮਾਵਾਂ ਦੇ ਕਾਲਜਿਆਂ ਨੂੰ ਠੰਡ ਪਵੇ ਜਿੰਨ੍ਹਾਂ ਦੀਆਂ ਕੁੱਖਾਂ ਇਨ੍ਹਾਂ ਨਸ਼ਿਆਂ ਕਾਰਨ ਉਜੜੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਮਾਝੇ ਦੇ ਇੱਕ ਪਰਿਵਾਰ ਕਾਰਨ ਅਕਾਲੀ ਦਲ ਦਾ ਨਾਂਅ ਨਸ਼ਿਆਂ ਕਾਰਨ ਬਦਨਾਮ ਹੋਇਆ। ਅਕਾਲੀ ਦਲ ਨੇ ਨਸ਼ਿਆਂ ਬਾਰੇ ਤਾਂ ਜਾਂਚ ਕੀ ਕਰਨੀ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ‘ਤੇ ਕੋਈ ਕੰਮ ਨਹੀਂ ਕੀਤਾ। ਬੀਬੀ ਜਗੀਰ ਕੌਰ ਨੇ ਹਰਿਆਣਾ ਵਿਚ ਗੁਰਦੁਆਰਿਆਂ 'ਤੇ ਕਬਜ਼ਾ ਕਰਨ ਨੂੰ ਲੈ ਕੇ ਖੱਟਰ ਸਰਕਾਰ ਦੀ ਜਿੱਥੇ ਨਿੰਦਾ ਕੀਤੀ ਉਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਰਗੜੇ ਲਾਏ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਦੋਂ ਸਾਕਾ ਨਨਕਾਣਾ ਸਾਹਿਬ ਦਾ ਦਿਨ ਮਨਾਇਆ ਜਾ ਰਿਹਾ ਸੀ ਉਦੋਂ ਸ਼੍ਰੋਮਣੀ ਕਮੇਟੀ ਕੋਲੋਂ ਹਰਿਆਣਾ ਦੇ ਗੁਰੂ ਧਾਮ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਦੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੁੱਤਾ ਪਿਆ ਸੀ? ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਰਾਖੀ ਲਈ ਰਾਜਨੀਤਿਕ ਲੜਾਈ ਲੜਨ ਵਾਸਤੇ ਹੀ ਅਕਾਲੀ ਦਲ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਧਾਮਾਂ ਨੂੰ ਬਚਾਉਣ ਬਾਰੇ ਸੁਖਬੀਰ ਸਿੰਘ ਬਾਦਲ ਦਾ ਹਰ ਪੈਤੜਾਂ ਫੇਲ੍ਹ ਹੋਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਹਰ ਕੋਨੇ ਵਿਚ ਜਾਵੇਗੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲਾਂ ਤੋਂ ਅਜ਼ਾਦ ਕਰਵਾਉਣ ਦਾ ਹੋਕਾ ਦੇਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਹਰ ਕੱਢੇ ਗਏ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਾਰਾ ਜ਼ੋਰ ਸਿਰਸੇ ਵਾਲੇ ਸਾਧ ਨੂੰ ਬਚਾਉਣ ਲਈ ਲਾ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਲੀਡਰ ਨੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ।