ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਦੀ ਨਿਯੁਕਤੀ ਕੀਤੀ ਰੱਦ 

ਅੰਮ੍ਰਿਤਸਰ, 8 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਰਿਟਾਇਰਡ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਦੀ ਨਿਯੁਕਤੀ ਪਾਰਟੀ ਵੱਲੋਂ ਰੱਦ ਕਰ ਦਿੱਤੀ ਗਈ ਹੈ। ਨਕੋਦਰ ਵਿੱਚ ਹੋਈ ਪੁਲਿਸ ਫਾਇਰਿੰਗ ਨੂੰ ਲੈ ਕੇ ਉਹਨਾਂ ਦੇ ਉੱਪਰ ਵੱਡੇ ਸਵਾਲ ਉੱਠੇ ਸਨ। ਦਰਬਾਰਾ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਗੱਲ ਸਾਫ ਕਰ ਦਿੱਤੀ ਸੀ ਕਿ ਇਸ ਪੁਰਾਣੀ ਘਟਨਾ ਦਾ ਉਹਨਾਂ ਦੇ ਨਾਲ ਕੋਈ ਸੰਬੰਧ ਨਹੀਂ ਹੈ। ਪਰ ਹੁਣ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਦਰਬਾਰਾ ਸਿੰਘ ਦੀ ਨਿਯੁਕਤੀ ਨੂੰ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ। ਦਰਬਾਰਾ ਸਿੰਘ ਦੀ ਨਿਯੁਕਤੀ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਇਹ ਸਵਾਲ ਚੁੱਕਿਆ ਗਿਆ ਸੀ ਕਿ, ਸ਼੍ਰੋਮਣੀ ਅਕਾਲੀ ਦਲ ਆਪਣੇ ਤੌਰ ਤਰੀਕਿਆਂ ਦੇ ਵਿੱਚ ਸੁਧਾਰ ਕਰਨ ਨੂੰ ਤਿਆਰ ਨਹੀਂ ਹੈ ਅਤੇ ਪਾਰਟੀ ‘ਤੇ ਸਿਆਸੀ ਨਿਸ਼ਾਨਾ ਸਾਧਿਆ ਗਿਆ ਸੀ। ਦਰਬਾਰਾ ਸਿੰਘ ਦੀ ਨਿਯੁਕਤੀ ਦੇ ਇਸ ਵਿਰੋਧ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ‘ਤੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਦਰਬਾਰਾ ਸਿੰਘ ਗੁਰੂ ਨੇ 1986 ਦੇ ਨਕੋਦਰ ਪੁਲਿਸ ਮਾਮਲੇ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਸੰਬੰਧਾਂ ਤੋਂ ਇਨਕਾਰ ਕੀਤਾ ਹੈ। ਉਹਨਾਂ ਇਲਜ਼ਾਮ ਲਗਾਇਆ ਹੈ ਕਿ ਵਿਰੋਧੀ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਤੇ ਤੁਲੀਆਂ ਹਨ। 1986 ਦੇ ਵਿੱਚ ਪੁਲਿਸ ਫਾਇਰਿੰਗ ਦੇ ਵੇਲੇ ਉਹ ਜਲੰਧਰ ਦੇ ਵਿੱਚ ਏਡੀਸੀ ਸਨ। ਫਾਇਰਿੰਗ ਮਾਮਲੇ ਦੇ ਉੱਤੇ ਕਿਸੇ ਵੀ ਤਰ੍ਹਾਂ ਦੇ ਹੁਕਮ ਦੇਣ ਵਿੱਚ ਉਹਨਾਂ ਦੀ ਕੋਈ ਭੂਮਿਕਾ ਨਹੀਂ ਹੈ। ਉਹਨਾਂ ਕਿਹਾ ਕਿ 38 ਸਾਲਾਂ ਬਾਅਦ ਹੁਣ ਇਹ ਮਾਮਲਾ ਚੁੱਕਿਆ ਜਾ ਰਿਹਾ ਹੈ। ਉਹਨਾਂ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਉਹਨਾਂ ਨੂੰ ਬਦਨਾਮ ਕਰਨ ਦੇ ਲਈ ਇਹ ਮਾਮਲਾ ਸਾਹਮਣੇ ਲਿਆਂਦਾ ਜਾ ਰਿਹਾ ਹੈ।