ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇਕ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਕਕਾਰਾਂ ਨੂੰ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹੁੰਦਾ ਹੈ। ਸਿੱਖ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਰਕੇ ਜਲੀਲ ਕਰਨਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ, ਜਿਸ ਨੂੰ ਲੈ ਕੇ ਅਮਰੀਕਾ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਅਤੇ ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਯਕੀਨੀ ਬਣਾਉਣ ਕਿ ਭਵਿੱਖ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕੋਈ ਠੇਸ ਨਾ ਪਹੁੰਚਾਏ।