“ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਦਿਆਲਪੁਰ ਵਿਖੇ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪ

  • ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅਰਜ਼ੀਆਂ ਵਿੱਚੋਂ 200 ਦਾ ਮੌਕੇ ‘ਤੇ ਕੀਤਾ ਗਿਆ ਨਿਪਟਾਰਾ

ਤਰਨ ਤਾਰਨ, 23 ਅਗਸਤ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਢੁਕਵੇਂ ਹੱਲ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ “ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਅੱਜ ਸਬ-ਡਵੀਜ਼ਨ ਭਿੱਖੀਵਿੰਡ ਦੇ ਪਿੰਡ ਦਿਆਲਪੁਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਅਰਜ਼ੀਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਤੇ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ ਸਨ।ਅੱਜ ਦੇ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 201 ਅਰਜ਼ੀਆਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿੱਚੋਂ 200 ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਇੱਕ ਕੇਸ ਦੇ ਢੁਕਵੇਂ ‘ਤੇ ਸਮਾਂਬੱਧ ਨਿਪਟਾਰੇ ਲਈ ਸਬੰਧਿਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ।ਇਸ ਦੌਰਾਨ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਤਹਿਤ ਲੋਕਾਂ ਨੂੰ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਵੰਡੇ ਗਏ। ਜ਼ਿਕਰਯੋਗ ਹੈ ਕਿ “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋ ਰਹੇ ਹਨ, ਜਿਸ ਰਾਹੀਂ ਲੋਕ ਆਪਣੇ ਜਾਂ ਨੇੜਲੇ ਪਿੰਡ ਵਿੱਚ ਨਿਰਧਾਰਤ ਥਾਂ ‘ਤੇ ਪਹੁੰਚ ਕੇ ਮੌਜੂਦ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਹਾਸਿਲ ਕਰਨ ਲਈ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ ਅਤੇ ਲੋਕ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਢੁਕਵੇਂ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਂਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਮੂਹ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਹਫ਼ਤੇ ਵਿੱਚ 2 ਦਿਨ ਹਰ ਮੰਗਲਵਾਰ ਤੇ ਵੀਰਵਾਰ ਨੂੰ ਇਹ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਸਕਣ।