- ਡਿਪਟੀ ਕਮਿਸ਼ਨਰ ਨੇ ਵਿਸ਼ੇਸ ਤੌਰ ‘ਤੇ ਪਹੁੰਚਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼
- ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਲਗਾਏ ਜਾਣਗੇ ਵਿਸ਼ੇਸ ਸੁਵਿਧਾ ਕੈਂਪ
ਤਰਨ ਤਾਰਨ, 02 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਨੌਰੰਗਾਬਾਦ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਆਪ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਵਿਸ਼ੇਸ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡ ਬਾਠ, ਸੰਘੇ, ਰੈਸ਼ੀਆਣਾ, ਸ਼ੇਖਚੱਕ ਅਤੇ ਮੱਲਮੋਹਰੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ 90 ਤੋਂ ਵੱਧ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ।ਉਨਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਸਮੇਂ ਸਿਰ ਮੁਹੱਈਆਂ ਕਰਵਾਉਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਵਿਸ਼ੇਸ ਕੈਂਪਾਂ ਦੌਰਾਨ ਲੋਕਾਂ ਨੂੰ ਹੁਣ ਬਿਨ੍ਹਾਂ ਦੇਰੀ ਨਿਰਧਾਰਿਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮਿਲ ਸਕਣਗੀਆਂ।ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੈਂਪ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਲਗਾਏ ਜਾਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ ਅਤੇ ਸਰਕਾਰੀ ਸੇਵਾਵਾਂ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਬੂਟੇ ਲਗਾਏ ਗਏ ਅਤੇ ਲੋਕਾਂ ਨੂੰ ਵੀ ਬੂਟਿਆਂ ਦੀਆਂ ਵੰਡ ਕੀਤੀ ਗਈ।