ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਬ-ਡਵੀਜ਼ਨ ਪੱਟੀ ਦੇ ਕਸਬਾ ਹਰੀਕੇ ਵਿਖੇ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪ

  • ਕੈਂਪ ਦੌਰਾਨ ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ ਸਿੰਘ ਤੇ ਚੇਅਰਮੈਨ ਦਿਲਬਾਗ਼ ਸਿੰਘ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਤਰਨ ਤਾਰਨ, 07 ਅਗਸਤ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਢੁਕਵੇਂ ਹੱਲ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ “ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਸਬ-ਡਵੀਜ਼ਨ ਪੱਟੀ ਦੇ ਕਸਬਾ ਹਰੀਕੇ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ ਸਿੰਘ ਤੇ ਚੇਅਰਮੈਨ ਦਿਲਬਾਗ਼ ਸਿੰਘ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਤੇ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ ਸਨ।ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਅਰਜ਼ੀਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਅਤੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੱਗਭੱਗ 54 ਅਰਜ਼ੀਆਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿੱਚੋਂ 54 ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।ਇਸ ਮੌਕੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਤਹਿਤ ਲੋਕਾਂ ਨੂੰ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਵੰਡੇ ਗਏ। ਜ਼ਿਕਰਯੋਗ ਹੈ ਕਿ “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋ ਰਹੇ ਹਨ, ਜਿਸ ਰਾਹੀਂ ਲੋਕ ਆਪਣੇ ਜਾਂ ਨੇੜਲੇ ਪਿੰਡ ਵਿੱਚ ਨਿਰਧਾਰਤ ਥਾਂ ‘ਤੇ ਪਹੁੰਚ ਕੇ ਮੌਜੂਦ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਹਾਸਿਲ ਕਰਨ ਲਈ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ ਅਤੇ ਲੋਕ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਢੁਕਵੇਂ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਂਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਮੂਹ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਮੰਗਲਵਾਰ ਤੇ ਵੀਰਵਾਰ ਨੂੰ ਇਹ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਸਕਣ।