ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਥੇ ਮੁੱਖ ਗ੍ਰੰਥੀ ਵਜੋਂ ਸੇਵਾ ਦਾ ਸੁਭਾਗ ਮਿਲਣਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਇਸ ਅਹਿਮ ਸੇਵਾ ਨੂੰ ਕਰੀਬ ਦਸ ਸਾਲ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਇਆ। ਉਨ੍ਹਾਂ ਅੱਗੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਅਤੇ ਇਸ ਦੇ ਮੱਦੇਨਜ਼ਰ ਭਵਿੱਖ ਵਿਚ ਇਨ੍ਹਾਂ ਪਾਸੋਂ ਧਰਮ ਪ੍ਰਚਾਰ ਦੇ ਖੇਤਰ ਅੰਦਰ ਸੇਵਾਵਾਂ ਲਈਆਂ ਜਾਣਗੀਆਂ। ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਕਸ਼ਮੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾਦਲ ਦੇ ਮੁਖੀ ਬਾਬਾ ਗੱਜਣ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ।