
ਅੰਮ੍ਰਿਤਸਰ, 01 ਮਾਰਚ 2025 : ਸੂਬੇ ਵਿੱਚ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 3225 ਕੇਸ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਨਾਲ ਖੜੀ ਹੈ ਤੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਲੋਕਾਂ ਦੀ ਹਰ ਮੱਦਦ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ 7 ਟਰੈਵਲ ਏਜੰਟਾਂ ਨੂੰ ਕਾਬੂ ਕਰਲਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1300 ਦੇ ਕਰੀਬ ਇੰਮੀਗ੍ਰੇਸ਼ਨ ਸੈਂਟਰਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਤੇ 1123 ਟਰੈਵਲ ਏਜੰਟਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਗੈਰਕਾਨੂੰਨੀ ਤਰੀਕੇ ਮਨੁੱਖੀ ਤਸਕਰੀ ਦਾ ਕੰਮ ਕਰਦੇ ਹਨ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਬਖਸਿਆ ਨਹੀਂ ਜਾਵੇਗਾ।ਡਿਪੋਰਟ ਹੋ ਕੇ ਆਏ ਲੋਕਾਂ ਸਬੰਧੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਖੱਟਰ ਵੱਲੋਂ ਬਹੁਤ ਹੀ ਘਟੀਆ ਬਿਆਨਬਾਜੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ 2014 ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਕੇਂਦਰ ਵਿੱਚ ਆਈ ਸੀ ਤਾਂ ਇੱਕ ਸਾਲ ਵਿੱਚ ਨੌਜਵਾਨਾਂ ਨੂੰ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਸੱਚਾਈ ਕੁੱਝ ਹੋਰ ਹੈ। ਉਨ੍ਹਾਂ ਕਿਹਾ ਜਦੋਂ ਵੀ ਇਹ ਸਵਾਲ ਭਾਜਪਾ ਆਗੂਆਂ ਨੂੰ ਕੀਤਾ ਜਾਂਦਾ ਹੈ ਤਾਂ ਉਹ ਭੱਜਦੇ ਦਿਖਾਈ ਦਿੰਦੇ ਹਨ। ਨਸ਼ਿਆਂ ਖਿਲਾਫ ਪੁਲਿਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਸਬੰਧੀ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਜਿਹੜੇ ਲੋਕ ਨਸ਼ੇ ਵੇਚਦੇ ਹਨ ਉਨ੍ਹਾਂ ਖਿਲਾਫ ਸਰਕਾਰ ਵੱਲੋਂ ਮੋਰਚਾ ਖੋਲਿ੍ਹਆ ਗਿਆ ਹੈ। ਜੋ ਕੋਈ ਵੀ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਦਾ ਘਾਣ ਕਰਦਾ ਹੈ, ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਘਰਾਂ ਤੇ ਬੁਲਡੋਜ਼ਰ ਚੱਲਣਗੇ। ਉਨ੍ਹਾਂ ਇਸ ਮੌਕੇ ਕਿਹਾ ਕਿ ਜਿਹੜੇ ਲੋਕ ਪਨਾਮਾ ਦੇ ਹੋਟਲਾਂ ਵਿੱਚ ਬੰਦ ਕੀਤੇ ਹੋਏ ਹਨ, ਉਨ੍ਹਾਂ ਵਿੱਚ ਭਾਰਤੀ ਕਿੰਨੇ ਤੇ ਪੰਜਾਬੀ ਹਨ, ਉਨ੍ਹਾਂ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਕਿਉਂਕਿ ਭਾਵੇਂ ਉਹ ਗਲਤ ਤਰੀਕੇ ਅਮਰੀਕਾ ਗਏ ਸਨ, ਪਰ ਉਹ ਭਾਰਤੀ ਹਨ, ਪੰਜਾਬੀ ਹਨ, ਉਨ੍ਹਾਂ ਦੀ ਮੱਦਦ ਕਰਨਾ ਉਨ੍ਹਾਂ ਦਾ ਫਰਜ਼ ਹੈ।