
- ਤੰਦਰੁਸਤ ਮਾਨਸਿਕ ਸਿਹਤ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ ਵੱਡੇ-ਵੱਡੇ ਟੀਚੇ: ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ
ਤਰਨ ਤਾਰਨ, 21 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਰਾਸ਼ਟਰੀ ਬਾਲ ਸਵਾਸਥ ਕਾਰਕਰਮ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਚੰਗੀ ਮਾਨਸਿਕ ਸਿਹਤ ਅਤੇ ਡੀ-ਐਡੀਕਸ਼ਨ ਵਿਸ਼ਿਆਂ ਦੇ ਸਬੰਧ ਵਿੱਚ ਆਰਬੀ-ਐਸਕੇ ਦੇ ਆਯੁਰਵੈਦਿਕ ਮੈਡੀਕਲ ਅਫਸਰਾਂ (ਏ.ਐਮ.ਓ) ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਆਰ.ਬੀ.ਐਸ.ਕੇ ਦੇ ਮੈਡੀਕਲ ਅਫਸਰਾਂ ਨੂੰ ਮਾਨਸਿਕ ਸਿਹਤ ਅਤੇ ਨਸ਼ਿਆਂ ਦੇ ਦੁਸ਼ ਪ੍ਰਭਾਵਾਂ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ ਗਈ ਤਾਂ ਜੋ ਰੋਜ਼ਾਨਾ ਵਿਦਿਆਰਥੀਆਂ ਨੂੰ ਵਧੀਆ ਮਾਨਸਿਕ ਸਿਹਤ ਅਤੇ ਨਸ਼ਿਆਂ ਵਰਗੀ ਅਲਾਮਤ ਵਿਰੁੱਧ ਜਾਗਰੂਕ ਕੀਤਾ ਜਾ ਸਕੇ। ਮਨੋਰੋਗ ਮਾਹਿਰ ਡਾ. ਵਿਨੋਦ ਕੁਮਾਰ ਨੇ ਦੱਸਿਆ ਕਿ ਛੋਟੀ ਉਮਰ ਵਿੱਚ ਹੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਉਹ ਜ਼ਿੰਦਗੀ ਭਰ ਇਸ ਅਲਾਮਤ ਤੋਂ ਦੂਰ ਰਹਿਣਗੇ। ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਆਰ ਬੀ ਐਸ ਕੇ ਟੀਮਾਂ ਵੱਲੋਂ ਰੋਜ਼ਾਨਾ ਬਲਾਕਾਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਭਵਿੱਖ ਦੇ ਵਿੱਚ ਜਦੋਂ ਵੀ ਆਰ ਬੀ ਐਸ ਕੇ ਦੇ ਮੈਡੀਕਲ ਅਫਸਰ ਸਕੂਲਾਂ ਦੇ ਵਿੱਚ ਜਾਣਗੇ ਤਾਂ ਉਹ ਉਥੋਂ ਦੇ ਵਿਦਿਆਰਥੀਆਂ ਨੂੰ ਚੰਗੀ ਮਾਨਸਿਕ ਸਿਹਤ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਕਰਨਗੇ।ਉਨ੍ਹਾਂ ਦੱਸਿਆ ਕੀ ਸਮੇਂ-ਸਮੇਂ ਸਿਰ ਇਸ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀ ਜੀਵਨ ਦੌਰਾਨ ਬੱਚੇ ਦੀ ਚੰਗੀ ਮਾਨਸਿਕ ਸਿਹਤ ਦਾ ਹੋਣਾ ਬਹੁਤ ਹੀ ਲਾਜ਼ਮੀ ਹੈ ਅਤੇ ਬੱਚਿਆਂ ਨੂੰ ਚੰਗਾ ਮਾਰਗ-ਦਰਸ਼ਨ ਮਿਲੇ ਤਾਂ ਉਹ ਆਪਣੇ ਮਿਥੇ ਗਏ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਨ।