ਇਸ ਵਾਰ ਸੱਤਰ ਪਾਰ’, ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਬਟਾਲਾ, 16 ਅਪ੍ਰੈਲ : ਡਾ ਸ਼ਾਇਰੀ ਭੰਡਾਰੀ,ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ-2024 ਦੌਰਾਨ ਵੋਟਿੰਗ ‘ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਲਈ ’ਮਿਸ਼ਨ ਸਵੀਪ’ ਤਹਿਤ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ ਬੂਥਾਂ ’ਤੇ ਰਾਸ਼ਟਰੀ ਵੋਟਿੰਗ ਪ੍ਰਤੀਸ਼ਤਾ (67.40 ਫ਼ੀਸਦੀ) ਤੋਂ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਬੂਥਾਂ/ਖੇਤਰਾਂ ਵਿੱਚ ਵੋਟਰਾਂ ਨੂੰ ਉਤਸ਼ਾਹਿਤ/ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਵੀਪ ਗਤੀਵਿਧੀਆਂ/ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।  ਜਿਸ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਘੱਟ ਪੋਲਿੰਗ ਵਾਲੇ ਬੂਥਾਂ ਉੱਪਰ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਨੇ ਅੱਗੇ ਦੱਸਿਆ ਕਿ 19 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ (ਐੱਸ.ਸੀ.) ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਟਾਂਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੀ ਬੁੱਚੀਆਂ ਅਤੇ 24 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਸੁਨੱਈਆ, ਸਰਕਾਰੀ ਪ੍ਰਾਇਮਰੀ ਸਕੂਲ ਧੀਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਧੌਲਪੁਰ ਵਿਖੇ ਸਵੀਪ ਗਤੀਵਿਧੀਆਂ ਕੀਤੀਆਂ ਜਾਣਗੀਆਂ ਅਤੇ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ।