ਵੋਟਰ ਜਾਗਰੂਕਤਾ ਮੁਹਿੰਮ, ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਤ 

ਗੁਰਦਾਸਪੁਰ, 13 ਮਾਰਚ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਸਵੀਪ ਟੀਮ ਦੇ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਨੇ  ਦੱਸਿਆ ਕਿ ਇਸ ਵਾਰ ਮਾਣਯੋਗ ਚੋਣ ਕਮਿਸ਼ਨ ਵੱਲੋਂ 'ਇਸ ਵਾਰ 70 ਪਾਰ' ਦਾ ਟੀਚਾ ਮਿਥਿਆ ਗਿਆ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟ ਪੋਲਿੰਗ ਦੇ ਇਸ ਟੀਚੇ ਨੂੰ ਪਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਮੁਫ਼ਤ ਕੋਚਿੰਗ ਲੈ ਰਹੀਆਂ ਲੜਕੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਵੋਟਰ ਪ੍ਰਣ ਵੀ ਚੁਕਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਨਵੇਂ ਬਣੇ ਨੌਜਵਾਨ ਵੋਟਰਾਂ ਵਿੱਚ ਚੋਣਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਉਨ੍ਹਾਂ ਵੱਲੋਂ ਜਿੱਥੇ ਖ਼ੁਦ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਤਹੱਈਆ ਕੀਤਾ ਜਾ ਰਿਹਾ  ਹੈ ਓਥੇ ਉਹ ਦੂਸਰੇ ਵੋਟਰਾਂ ਨੂੰ ਵੀ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਆਉਂਦੇ ਦਿਨਾਂ ਵਿੱਚ ਸਵੀਪ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।