ਦਿੜ੍ਹਬਾ, 24 ਦਸੰਬਰ : ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦਾ ਸਰਵ ਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਕਰੀਬ 20 ਲਾਭਪਾਤਰੀਆਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਕਰੀਬ ਤਿੰਨ ਲੱਖ ਰੁਪਏ ਦੇ ਸਹਾਇਤਾ ਰਾਸ਼ੀ ਚੈਕ ਸੌਂਪਦਿਆਂ ਕੀਤਾ। ਐਸ.ਡੀ.ਐਮ ਦਫ਼ਤਰ ਦਿੜ੍ਹਬਾ ਵਿਖੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਕੈਬਨਿਟ ਮੰਤਰੀ ਨੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਢੁਕਵੇਂ ਢੰਗ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਆਪਣੇ ਸਰਕਾਰੀ ਕੰਮਕਾਜ ਨੂੰ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਵਾਰ ਵਾਰ ਚੱਕਰ ਨਾ ਕੱਟਣੇ ਪੈਣ। ਕੈਬਨਿਟ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਨ ਲਈ ਵੀ ਸੂਬਾ ਸਰਕਾਰ ਵਚਨਬੱਧ ਹੈ ਅਤੇ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਕੰਮ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਉਣ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਅੱਠ ਮਹੀਨਿਆਂ ਅੰਦਰ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਲੈਂਦੇ ਹੋਏ ਸਫ਼ਲਤਾ ਨਾਲ ਲਾਗੂ ਕਰ ਵਿਖਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਆਫ਼ੀ ਦੇ ਫੈਸਲੇ ਨਾਲ ਸੂਬੇ ਦੇ 85 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੋਣਾਂ ਦੇ ਸਮੇਂ ਕੀਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਤਰਜੀਹੀ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿਖੇ ਵਿਕਾਸ ਕਾਰਜਾਂ ਲਈ ਬਿਨਾਂ ਕਿਸੇ ਪੱਖਪਾਤ ਤੋਂ ਗਰਾਂਟਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਮੌਕੇ ਐਸ.ਡੀ.ਐਮ ਰਾਜੇਸ਼ ਸ਼ਰਮਾ, ਡੀ.ਐਸ.ਪੀ ਪ੍ਰਿਥਵੀ ਸਿੰਘ ਚਹਿਲ, ਓ.ਐਸ.ਡੀ ਟੂ ਕੈਬਨਿਟ ਮੰਤਰੀ ਤਪਿੰਦਰ ਸਿੰਘ ਸੋਹੀ ਹਾਜ਼ਰ ਸਨ।