ਅਬੋਹਰ 25 ਅਗਸਤ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦੇ ਨਿਰਦੇਸ਼ਾਂ ਅਨੁਸਾਰ ਫਾਜਿ਼ਲਕਾ ਜਿ਼ਲ੍ਹੇ ਵਿਚ ਹੁਣ ਤੱਕ 6850 ਕਿਉਂਟਲ ਚਾਰਾ, 3360 ਬੈਗ ਕੈਟਲ ਫੀਡ, 5433 ਤਰਪਾਲਾ ਅਤੇ 11115 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਪਾਣੀ ਦਾ ਪੱਧਰ ਨੀਵਾਂ ਹੋ ਰਿਹਾ ਹੈ ਜਿਸਤੋਂ ਬਾਅਦ ਪ੍ਰਸ਼ਾਸਨ ਦੀ ਪਹਿਲ ਰਹੇਗੀ ਕਿ ਸੜਕੀ ਮਾਰਗਾਂ ਨੂੰ ਚਾਲੂ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 1537 ਲੋਕਾਂ ਨੂੰ ਬਾਹਰ ਕੱਢਿਆ ਗਿਆ ਸੀ ਅਤੇ 15 ਰਾਹਤ ਕੈਂਪ ਚੱਲ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਚੌਕਸੀ ਰੱਖ ਰਹੀਆਂ ਹਨ ਅਤੇ ਲੋਕਾਂ ਨੂੰ ਰਾਹਤ ਦੇਣ ਦੇ ਯਤਨ ਜਾਰੀ ਹਨ।