ਪਟਿਆਲਾ, 1 ਜੂਨ : ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਅੱਜ ਬਲਾਕ ਸਨੌਰ ਦੇ ਪਿੰਡ ਲਲੀਨਾ ਦੀ ਸ਼ਾਮਲਾਤ ਜਮੀਨ ਦਾ ਕੁਲ ਰਕਬਾ 8 ਏਕੜ 5 ਕਨਾਲ 1 ਮਰਲਾ ਨਾਜਾਇਜ਼ ਕਬਜਾ ਛੁਡਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਤੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਦੀ ਦੇਖ-ਰੇਖ ਹੇਠ ਪਟਿਆਲਾ ਜ਼ਿਲ੍ਹੇ ਅੰਦਰ ਵੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕਾਰਵਾਈ ਲਗਾਤਾਰ ਜਾਰੀ ਹੈ। ਅਮਨਦੀਪ ਕੌਰ ਨੇ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਾਰਜਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ ਦੀ ਰਹਿਨੁਮਾਈ ਹੇਠ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆ ਰਿਹਾ ਹੈ। ਇਸੇ ਤਹਿਤ ਹੀ ਗ੍ਰਾਮ ਪੰਚਾਇਤ ਲਲੀਨਾ ਦੀ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ। ਇਸ ਮੌਕੇ ਬੀ.ਡੀ.ਪੀ.ਓ. ਸਨੌਰ ਮਹਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਕਾਨੂੰਗੋ ਸੁਖਵਿੰਦਰ ਕੁਮਾਰ, ਥਾਣਾ ਮੁਖੀ ਗੁਰਪ੍ਰੀਤ ਸਿੰਘ, ਪਟਵਾਰੀ ਸ਼ਿਵਦਰਸ਼ਨ ਅਤੇ ਹੋਰ ਮੁਲਾਜਮ ਮੌਜੂਦ ਸਨ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਜ਼ਿਲ੍ਹੇ ਅੰਦਰ ਨਾਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਹੀ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ ਕਿਉਂਕਿ ਅਜਿਹਾ ਨਾ ਕੀਤੇ ਜਾਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।