ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਕੇ ਜਲਦ ਤੋਂ ਜਲਦ ਭੇਜੀ ਜਾਵੇ ਰਿਪੋਰਟ: ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

ਸੰਗਰੂਰ, 1 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਆਕਾਸ਼ ਬਾਂਸਲ ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਜ਼ਿਲ੍ਹਾ ਪੁਲਿਸ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦ ਤੋਂ ਜਲਦ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਕੇ ਇਸਦੀ ਰਿਪੋਰਟ ਭੇਜੀ ਜਾਵੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਅਤੇ ਚੋਣਾਂ ਦੌਰਾਨ ਅਮਨ ਅਤੇ ਸ਼ਾਂਤੀ ਦੀ ਸਥਿਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਵਲਨ੍ਰੇਬਿਲੀਟੀ ਮੈਪਿੰਗ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਬਹੁਤ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਜਾਂ ਪ੍ਰਭਾਵ ਦੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਸਵੀਪ ਗਤੀਵਿਧੀਆਂ ਤਹਿਤ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਸੁਨਾਮ ਪ੍ਰਮੋਦ ਕਾਂਸਲ, ਡੀ.ਐਸ.ਪੀ. ਗੁਰਮੁੱਖ ਸਿੰਘ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਚੋਣ ਕਾਨੂੰਨਗੋ ਸੰਦੀਪ ਸਿੰਘ ਵੀ ਹਾਜ਼ਰ ਸਨ।