- - ਚਾਰ ਜ਼ਿਲ੍ਹਿਆਂ 'ਚ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਤੇ ਪੀ.ਐਮ.ਜੇ.ਏ.ਵਾਈ. ਨੂੰ ਲਾਗੂ ਕਰਨ ਬਾਰੇ ਵੀ ਕੀਤੇ ਵਿਚਾਰ ਵਟਾਂਦਰੇ
ਲੁਧਿਆਣਾ, 08 ਜਨਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਮੇਸ਼ ਕੁਮਾਰ ਗੰਟਾ ਵਲੋਂ ਸਥਾਨਕ ਸਰਕਟ ਹਾਊਸ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਸਮੇਤ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਸਮਾਜਿਕ ਨਿਆਂ ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਗੰਟਾ ਵਲੋਂ ਸਮਾਜ ਭਲਾਈ ਸਕੀਮਾਂ, ਅਨੁਸੂਚਿਤ ਜਾਤੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀ.ਐੱਮ.ਜੇ.ਏ.ਵਾਈ.) ਅਤੇ ਹੋਰ ਵੱਖ-ਵੱਖ ਸਕੀਮਾਂ ਦੀ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਇਨ੍ਹਾਂ ਸਕੀਮਾਂ ਸਬੰਧੀ ਵੱਖ-ਵੱਖ ਸ਼ਿਕਾਇਤਾਂ ਜਾਂ ਮੁੱਦਿਆਂ ਦਾ ਵੀ ਨੋਟਿਸ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਅਜਿਹੀਆਂ ਸਾਰੀਆਂ ਮੁਸ਼ਕਿਲਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇ। ਵਧੀਕ ਮੁੱਖ ਸਕੱਤਰ ਵਲੋਂ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਸਮਾਜ ਵਿੱਚ ਹੇਠਲੇ ਪੱਧਰ ਤੱਕ ਪਹੁੰਚ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸਕੀਮਾਂ ਦਾ ਸਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਮਿਲੇ ਅਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।