ਖੇਤੀਬਾੜੀ ਵਿਭਾਗ ਵੱਲੋਂ ਪਿੰਡ ਸਾਨੀਪੁਰ ਦੇ ਕਿਸਾਨਾਂ ਨੂੰ ਬੂਟੇ ਵੰਡੇ ਗਏ

ਫ਼ਤਹਿਗੜ੍ਹ ਸਾਹਿਬ, 02 ਅਗਸਤ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਹਿੰਦ ਬਲਾਕ ਦੇ ਪਿੰਡ ਸਾਨੀਪੁਰ ਦੇ ਕਿਸਾਨਾਂ ਨੂੰ ਮੁਫਤ ਵਿੱਚ ਬੂਟੇ ਵੰਡੇ ਗਏ ਤਾਂ ਜੋ ਵਾਤਾਵਰਣ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅੰਧਾ-ਧੁੰਦ ਰੁੱਖਾਂ ਦੀ ਕੀਤੀ ਜਾ ਰਹੀ ਕਟਾਈ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਦਾ ਮੁੱਖ ਕਾਰਨ ਹੈ, ਇਸ ਲਈ ਸਾਨੂੰ ਸਭ ਨੂੰ ਮਿਲ ਕੇ ਵੱਧ ਤੋਂ ਵੱਧ ਦਰਖਤ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਘਰਾਂ ਦੇ ਲੇ ਦੁਆਲੇ ਤੇ ਮੌਟਰਾਂ ਤੇ ਪੰਜ ਤੋਂ 10 ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹਿੰਮ ਚਲਾਈ ਗਈ ਹੈ ਅਤੇ ਜੇਕਰ ਕਿਸਾਨਾਂ ਨੂੰ ਬੂਟੇ ਲੋੜੀਂਦੇ ਹਨ ਤਾਂ ਉਹ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਮੁਫਤ ਵਿੱਚ ਬੂਟੇ ਲੈ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇੱਕ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਸ ਨੂੰ ਸਫਲ ਬਣਾਉਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਸਾਫ ਸੁਥਰਾ ਨਹੀਂ ਹੋਵੇਗਾ ਤਾਂ ਸਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਅਨਮੋਲ ਆਕਸੀਜ਼ਨ ਮੁਹੱਈਆ ਕਰਵਾਉਂਦੇ ਹਨ ਅਤੇ ਹਵਾ ਨੂੰ ਸ਼ੁਧ ਕਰਨ ਵਿੱਚ ਰੁੱਖਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਇਸ ਮੌਕੇ ਖੇਤੀਬਾੜੀ ਅਫਸਰ ਸਰਹਿੰਦ ਡਾ: ਇਕਬਾਲਜੀਤ ਸਿੰਘ ਬੈਨੀਪਾਲ, ਖੇਤੀਬਾੜੀ ਵਿਕਾਸ ਅਫਸਰ ਡਾ: ਦਮਨ ਝਾਂਜੀ, ਖੇਤੀਬਾੜੀ ਉਪ ਨਰੀਖਕ ਤਜਿੰਦਰ ਸਿੰਘ, ਅਗਾਂਹਵਧੂ ਕਿਸਾਨ ਗੁਰਵੀਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ। ਪਿੰਡ ਸਾਨੀਪੁਰ ਦੇ ਕਿਸਾਨਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।