ਇਕੋਲਾਹਾ 'ਚ ਹੋਏ ਕਤਲ ਦੇ ਦੋਸ਼ 'ਚ ਅਕਾਲੀ ਆਗੂ ਪੁਲਿਸ ਨੇ ਕੀਤਾ ਗ੍ਰਿਫਤਾਰ

ਖੰਨਾ, 14 ਸਤੰਬਰ 2024 : ਖੰਨਾ ਦੇ ਪਿੰਡ ਇਕੋਲਾਹਾ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਕਥਿਤ ਮੁੱਖ ਆਰੋਪੀ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ  ਤੇ ਦੂਸਰੇ ਭਰਾ ਦੀ ਭਾਲ ਜਾਰੀ ਹੈ। ਆਰੋਪ ਹੈ ਕਿ ਦੋਵੇਂ ਭਰਾਵਾਂ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਤੇਜਿੰਦਰ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਰਣਜੀਤ ਨੂੰ ਮੁੜ ਖੰਨਾ ਅਦਾਲਤ 'ਚ ਪੇਸ਼ ਕੀਤਾ ਗਿਆ। ਜੱਜ ਦੇ ਸਾਹਮਣੇ ਸਰਕਾਰੀ ਵਕੀਲ ਨੇ ਪੁਲਿਸ ਵਲੋਂ ਰਿਮਾਂਡ ਦੀ ਮੰਗ ਕੀਤੀ ਗਈ। ਇਸ ਦਾ ਹਵਾਲਾ ਦਿੱਤਾ ਗਿਆ ਕਿ ਇਹ ਸਿਆਸੀ ਕਤਲ ਸੀ। ਇਸ ਵਿੱਚ ਦੋ ਫ਼ਰਾਰ ਭਰਾਵਾਂ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ ਹਨ। ਇਸ ਲਈ ਹੁਣ ਰਿਮਾਂਡ ਦੀ ਲੋੜ ਹੈ। ਆਰੋਪੀ ਪੱਖ ਦੇ ਵਕੀਲ ਦਾ ਕਹਿਣਾ ਸੀ ਕਿ 3 ਦਿਨਾਂ ਦੇ ਰਿਮਾਂਡ ਵਿਚ ਕੁਝ ਨਵਾਂ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਪੁਲਿਸ ਨੂੰ ਕੋਈ ਸੁਰਾਗ ਮਿਲਿਆ ਹੈ। ਇਸ ਲਈ ਉਨ੍ਹਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਮੰਗ ਕੀਤੀ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਜੱਜ ਨੇ ਮੁਲਜ਼ਮਾਂ ਦਾ ਦੋ ਦਿਨ ਦਾ ਰਿਮਾਂਡ ਦੇ ਦਿੱਤਾ। ਇਸ ਤੋਂ  ਕੁਝ ਘੰਟਿਆਂ ਬਾਅਦ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦਈਏ ਕਿ ਖੰਨਾ 'ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਡੀਸੀ (56) ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸ਼ਾਮ ਨੂੰ ਜਦੋਂ ਤਰਲੋਚਨ ਆਪਣੇ ਖੇਤ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਕਿਸੇ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ। ਤਰਲੋਚਨ ਖੂਨ ਨਾਲ ਲੱਥਪੱਥ ਹਾਲਤ ਵਿਚ ਪਿੰਡ ਦੀ ਸੜਕ ਕਿਨਾਰੇ ਪਿਆ ਸੀ ਤਾਂ ਉਸ ਦੇ ਲੜਕੇ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਥੇ ਡਾਕਟਰਾਂ ਨੇ ਤਰਲੋਚਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਸੀ।